ਪਟਿਆਲਾ (ਮਨਪ੍ਰੀਤ ਸਿੰਘ), 22 ਅਕਤੂਬਰ:- ਅੱਜ 22 ਅਕਤੂਬਰ 2026 ਨੂੰ ਆਈਐਫਟੀਯੂ ਨਾਲ ਸਬੰਧਤ ਗੈਸ ਏਜੰਸੀ ਵਰਕਰ ਯੂਨੀਅਨ ਵੱਲੋਂ ਸੁਰਿੰਦਰਾ ਗੈਸ ਏਜੰਸੀ ਦੀ ਮੈਨੇਜਮੈਂਟ ਵੱਲੋਂ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਕੱਢੇ ਗਏ ਵਰਕਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮਿੰਨੀ ਸਕੱਤਰੇਤ ਸਥਿਤ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਵੱਲੋਂ ਨਾਅਰੇਬਾਜ਼ੀ ਕਰਨ ਤੋਂ ਬਾਅਦ ਪ੍ਰਸ਼ਾਸਨ ਨੇ ਜਥੇਬੰਦੀ ਦੇ ਆਗੂਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਨਾਲ ਮੁਲਾਕਾਤ ਲਈ ਬੁਲਾਇਆ। ਏ.ਡੀ.ਸੀ. ਵੱਲੋਂ ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਨਾਲ ਜਥੇਬੰਦੀ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਵੀ ਮੌਜੂਦ ਸਨ।
ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਦੋ-ਤਿੰਨ ਦਿਨਾਂ ਦੇ ਅੰਦਰ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਸੁਨਿਆਰਹੇੜੀ ਨੇ ਕਿਹਾ ਕਿ ਜੇਕਰ ਪਟਿਆਲਾ ਪ੍ਰਸ਼ਾਸਨ ਵੱਲੋਂ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ 27 ਅਕਤੂਬਰ 2026 ਨੂੰ ਜਥੇਬੰਦੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਵੱਲ ਮਾਰਚ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਪਟਿਆਲਾ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸਤਿਗੁਰ ਸਿੰਘ ਨਾਭਾ, ਰਘਬੀਰ ਸਿੰਘ ਨਾਭਾ, ਜਰਨੈਲ ਸਿੰਘ, ਕੇਸਰ ਸਿੰਘ, ਜਸਵਿੰਦਰ ਸਿੰਘ ਜੱਸੀ, ਜਸਬੀਰ ਸਿੰਘ, ਧੀਰਜ ਕੁਮਾਰ, ਮਨਜੀਤ ਸਿੰਘ ਅਤੇ ਹੋਰ ਸਾਥੀ ਹਾਜ਼ਰ ਸਨ।
