ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਸਰਹਾਲਾ ਕਲਾਂ ਵਿਖੇ ਪੰਚਾਇਤ ਦੀ ਜ਼ਮੀਨ ’ਤੇ ਕੀਤੀ ਗਈ ਨਾਜਾਇਜ਼ ਉਸਾਰੀ ਨੂੰ ਜੇਸੀਬੀ ਮਸ਼ੀਨ ਦੀ ਮਦਦ ਨਾਲ ਢਾਹ ਦਿੱਤਾ ਗਿਆ। ਇਹ ਉਸਾਰੀ ਕਥਿਤ ਤੌਰ ’ਤੇ ਨਸ਼ਾ ਤਸਕਰੀ ਨਾਲ ਜੁੜੇ ਇੱਕ ਪਰਿਵਾਰ ਵੱਲੋਂ ਕੀਤੀ ਗਈ ਸੀ।

ਐਸਪੀ ਪੀਬੀਆਈ ਸੰਦੀਪ ਸਿੰਘ ਮੰਡ, ਡੀਐਸਪੀ ਭਾਰਤ ਭੂਸ਼ਣ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਅਮਨਦੀਪ ਕੌਰ ਅਤੇ ਨਾਇਬ ਤਹਿਸੀਲਦਾਰ ਸੁਖਮਿੰਦਰ ਸਿੰਘ ਦੀ ਮੌਜੂਦਗੀ ਵਿੱਚ ਭਾਰੀ ਪੁਲਿਸ ਬਲ ਦੀ ਮਦਦ ਨਾਲ ਨਾਜਾਇਜ਼ ਉਸਾਰੀ ਢਾਹੀ ਗਈ। ਐਸਪੀ ਪੀਬੀਆਈ ਸੰਦੀਪ ਸਿੰਘ ਮੰਡ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੀਆਂ ਹੋਰ ਨਾਜਾਇਜ਼ ਉਸਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਉਸਾਰੀ ਪੰਚਾਇਤ ਦੀ ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਕੀਤੀ ਗਈ ਸੀ, ਜਦਕਿ ਸਬੰਧਤ ਪਰਿਵਾਰ ਨਸ਼ਿਆਂ ਨਾਲ ਜੁੜੇ ਐਨਡੀਪੀਐਸ ਐਕਟ ਦੇ ਸੱਤ ਵੱਖ-ਵੱਖ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਇਹ ਉਸਾਰੀ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ਤੋਂ ਕਮਾਏ ਪੈਸੇ ਨਾਲ ਨਾਜਾਇਜ਼ ਢੰਗ ਨਾਲ ਕੀਤੀ ਗਈ ਸੀ।

ਪੁਲਿਸ ਅਧਿਕਾਰੀਆਂ ਅਨੁਸਾਰ, ਜ਼ਿਲ੍ਹੇ ਵਿੱਚ 60 ਦਿਨਾਂ ਤੱਕ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਇਸ ਤਰ੍ਹਾਂ ਦੀਆਂ ਹੋਰ ਨਾਜਾਇਜ਼ ਉਸਾਰੀਆਂ ਵਿਰੁੱਧ ਵੀ ਇਸੇ ਤਰ੍ਹਾਂ ਕਾਰਵਾਈ ਕੀਤੀ ਜਾਵੇਗੀ।