ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਭਾਰਤੀ ਜਨਗਣਨਾ 2027 ਤਹਿਤ ਸਵੈ-ਗਣਨਾ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਨਾਗਰਿਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ ਵੱਲੋਂ ਫੀਲਡ ਟ੍ਰੇਨਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਵੈ-ਗਣਨਾ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕੀਤੀ ਗਈ। ਗੁਰਕੰਵਲ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਆਪਣੀ ਉੱਚ ਸਾਖਰਤਾ ਦਰ ਅਤੇ ਜਾਗਰੂਕ ਨਾਗਰਿਕਾਂ ਲਈ ਜਾਣਿਆ ਜਾਂਦਾ ਹੈ। ਇਸ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਨਾਗਰਿਕ ਡਿਜੀਟਲ ਮਾਧਿਅਮ ਰਾਹੀਂ ਖੁਦ ਆਪਣੀ ਜਨਗਣਨਾ ਦੀ ਜਾਣਕਾਰੀ ਦਰਜ ਕਰਕੇ ਇਸ ਕੌਮੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਇਸ ਨਾਲ ਉਨ੍ਹਾਂ ਦੀ ਨਿੱਜੀ ਜਾਣਕਾਰੀ ਦੀ ਗੁਪਤਤਾ ਬਣਾਈ ਰੱਖਣ ਵਿੱਚ ਮਦਦ ਮਿਲੇਗੀ ਅਤੇ ਜਨਗਣਨਾ ਕਰਮਚਾਰੀਆਂ ਦਾ ਕੰਮ ਦਾ ਬੋਝ ਵੀ ਘਟੇਗਾ।

ਜ਼ਿਕਰਯੋਗ ਹੈ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਈ.ਏ.ਐੱਸ. ਅਧਿਕਾਰੀ ਗੁਰਕੰਵਲ ਸਿੰਘ ਅਤੇ ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਦੀ ਅਗਵਾਈ ਹੇਠ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਸਾਰੇ ਸੁਪਰਵਾਈਜ਼ਰਾਂ ਅਤੇ ਜਨਗਣਨਾ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਪੇਂਡੂ ਅਤੇ ਖੇਤਰੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੁਹਿੰਮ ਦਾ ਮੁੱਖ ਉਦੇਸ਼ ਡਿਪਟੀ ਕਮਿਸ਼ਨਰ ਵੱਲੋਂ ਨਿਰਧਾਰਤ ਘੱਟੋ-ਘੱਟ 25 ਫ਼ੀਸਦੀ ਸਵੈ-ਗਣਨਾ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਇਸ ਲਈ ਸਾਰੀਆਂ ਫੀਲਡ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ ਮੌਕੇ ਨਾਇਬ ਤਹਿਸੀਲਦਾਰ ਹਿਰਦੇਵੀਰ ਸਿੰਘ ਚੀਮਾ, ਐੱਸ.ਡੀ.ਐੱਮ. ਦਫ਼ਤਰ ਹੁਸ਼ਿਆਰਪੁਰ ਤੋਂ ਜਨਗਣਨਾ ਨੋਡਲ ਅਫ਼ਸਰ ਚੰਦਰ ਪ੍ਰਕਾਸ਼ ਸਿੰਘ, ਉਨ੍ਹਾਂ ਦੀ ਸਮੁੱਚੀ ਕੋਰ ਟੀਮ ਅਤੇ ਸਾਰੇ ਫੀਲਡ ਟ੍ਰੇਨਰ ਹਾਜ਼ਰ ਸਨ।