ਲਹਿਰਾਗਾਗਾ/ਮੂਨਕ, 27 ਜੂਨ:- ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ **'ਲੋਕ ਮਿਲਣੀ'** ਮੁਹਿੰਮ ਤਹਿਤ ਕੈਬਨਿਟ ਮੰਤਰੀ **ਐਡਵੋਕੇਟ ਬਰਿੰਦਰ ਗੋਇਲ** ਨੇ ਅੱਜ ਖਾਈ, ਖੰਡੇਬਾਦ, ਕਾਲਾ ਬੰਜਾਰਾ, ਜਲੂਰ, ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਅਤੇ ਲਹਿਰਾਗਾਗਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਸੁਣੀਆਂ ਅਤੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਆਪਣੇ ਸੰਬੋਧਨ ਦੌਰਾਨ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ, ਜੋ ਵਿਕਾਸ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਧਰਮ ਅਤੇ ਜਾਤ ਦੇ ਨਾਂ 'ਤੇ ਲੋਕਾਂ ਨੂੰ ਵੰਡ ਕੇ ਸੱਤਾ ਹਾਸਲ ਕਰਨਾ ਚਾਹੁੰਦੀਆਂ ਹਨ, ਜਦਕਿ ਆਮ ਆਦਮੀ ਪਾਰਟੀ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਦੀ ਲੋੜ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋੜ ਹੈ। ਉਨ੍ਹਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਧਰਮ ਅਤੇ ਜਾਤ ਦੇ ਨਾਂ 'ਤੇ ਲੋਕਾਂ ਨੂੰ ਵੰਡ ਕੇ ਪੰਜਾਬ ਦਾ ਨੁਕਸਾਨ ਕੀਤਾ ਹੈ।
ਮੰਤਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ **ਭਗਵੰਤ ਸਿੰਘ ਮਾਨ** ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਕਾਸ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖਰਚੇ ਘਟਾਉਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਵਾਸਤੇ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਈਆਂ ਗਈਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਕਰੋੜਾਂ ਰੁਪਏ ਦਾ ਰੂਰਲ ਡਿਵੈਲਪਮੈਂਟ ਫੰਡ (ਆਰਡੀਐੱਫ) ਰੋਕ ਰੱਖਿਆ ਹੈ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ।
ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵੋਟਰ ਸੂਚੀ ਸੁਧਾਈ (ਐੱਸ.ਆਈ.ਆਰ.) ਮੁਹਿੰਮ ਤਹਿਤ ਆਪਣੇ ਦਸਤਾਵੇਜ਼ ਬੀ.ਐੱਲ.ਓ. ਕੋਲ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ ਅਤੇ ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।
ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ ਭਾਜਪਾ ਐੱਸ.ਆਈ.ਆਰ. ਦੇ ਸਹਾਰੇ ਪੰਜਾਬ ਵਿੱਚ ਵੋਟਾਂ ਕੱਟ ਕੇ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ 'ਤੇ ਤੰਜ ਕੱਸਦਿਆਂ ਕਿਹਾ ਕਿ ਭਾਵੇਂ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਵੀ ਹੋ ਜਾਣ, ਫਿਰ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਨਹੀਂ ਰੋਕ ਸਕਣਗੀਆਂ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਵਲੰਟੀਅਰ ਹਾਜ਼ਰ ਸਨ।
2027 ਚ ਆਪ ਦੀ ਹਨੇਰੀ ਚ ਵਿਰੋਧੀਆਂ ਦੇ ਸਿਆਸੀ ਤੰਬੂ ਉੱਡ ਜਾਣਗੇ ਮੰਤਰੀ ਬਰਿੰਦਰ ਗੋਇਲ
