ਪਟਿਆਲਾ, 1 ਅਗਸਤ:- ਸੇਵਾ ਮੁਕਤ ਕਰਮਚਾਰੀ ਯੂਨੀਅਨ, ਨਗਰ ਨਿਗਮ ਪਟਿਆਲਾ ਵੱਲੋਂ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਆਪਣੀਆਂ ਹੱਕੀ ਮੰਗਾਂ ਦੇ ਸਮਰਥਨ ਵਿੱਚ ਪੁਰਾਣੇ ਬੱਸ ਸਟੈਂਡ ਨੇੜੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨੇ 'ਤੇ ਬੈਠੇ ਸਫਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਦੌਰਾਨ ਕਈ ਕਰਮਚਾਰੀ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਧਰਨਾ ਦੇਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ।
ਯੂਨੀਅਨ ਦੇ ਪ੍ਰਧਾਨ ਮਹਿੰਦਰ ਸਿੰਘ ਬਡੂੰਗਰ, ਜਨਰਲ ਸਕੱਤਰ ਜੋਗਿੰਦਰ ਸਿੰਘ ਪੰਛੀ ਅਤੇ ਚੇਅਰਮੈਨ ਗੁਰਬਖਸ਼ ਸਿੰਘ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਮੁਲਾਜ਼ਮਾਂ ਪ੍ਰਤੀ ਸਪੱਸ਼ਟ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਅਦਾਲਤਾਂ ਦੇ ਦਰਵਾਜ਼ੇ ਖੜਕਾਉਣੇ ਪੈ ਰਹੇ ਹਨ।
ਆਗੂਆਂ ਨੇ ਕਿਹਾ ਕਿ ਦੇਸ਼ ਦੇ ਹੋਰ ਸੂਬਿਆਂ ਵਿੱਚ ਮੁਲਾਜ਼ਮਾਂ ਨੂੰ 60 ਫ਼ੀਸਦੀ ਮਹਿੰਗਾਈ ਭੱਤਾ (ਡੀ.ਏ.) ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਵਿੱਚ ਸਿਰਫ਼ 42 ਫ਼ੀਸਦੀ ਡੀ.ਏ. ਮਿਲ ਰਿਹਾ ਹੈ। ਉਨ੍ਹਾਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਜਲਦ ਦੂਰ ਕਰਨ, ਬਕਾਇਆ ਤਨਖ਼ਾਹ ਫ਼ਰਕ ਅਤੇ ਮਹਿੰਗਾਈ ਭੱਤੇ ਦੀ ਪੂਰੀ ਅਦਾਇਗੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਧੂ ਆਰਥਿਕ ਅਤੇ ਕਾਨੂੰਨੀ ਬੋਝ ਝੱਲਣਾ ਪੈ ਰਿਹਾ ਹੈ।
ਯੂਨੀਅਨ ਆਗੂ ਜੋਗਿੰਦਰ ਸਿੰਘ ਪੰਛੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਨਾ ਮੰਨਿਆ ਅਤੇ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਨਾ ਕੀਤੀ ਤਾਂ ਮੁਲਾਜ਼ਮ ਵਰਗ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਢੁੱਕਵਾਂ ਜਵਾਬ ਦੇਵੇਗਾ।
ਇਸ ਮੌਕੇ ਅਜੈਬ ਸਿੰਘ, ਪੁਸ਼ਪਿੰਦਰ ਕੁਮਾਰ ਪਾਠਕ, ਸੁਖਵਿੰਦਰ ਸਿੰਘ ਡਿੱਕੀ, ਹਰਚੰਦ ਸਿੰਘ, ਕਰਮ ਸਿੰਘ, ਸ਼ਾਮ ਲਾਲ, ਸੁਰਿੰਦਰ ਕੁਮਾਰ, ਚੰਦ ਸਿੰਘ, ਸੁਲਤਾਨ ਸਿੰਘ, ਤੇਜਾ ਸਿੰਘ, ਬੀ.ਐੱਮ.ਐੱਸ. ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੇਵਾ ਮੁਕਤ ਕਰਮਚਾਰੀ ਹਾਜ਼ਰ ਸਨ।
ਬਰਨਾਲਾ ਪੁਲਿਸ ਤਸੱਦਦ ਦੇ ਵਿਰੋਧ ਵਿੱਚ ਸੇਵਾ ਮੁਕਤ ਨਗਰ ਨਿਗਮ ਕਰਮਚਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕਿਆ
