ਪਟਿਆਲਾ, 15 ਅਗਸਤ 2026:- ਚਿਲਡਰਨ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਮਿਸਿਸ ਵਿੱਚ 15 ਅਗਸਤ 2026, ਸ਼ਨੀਵਾਰ ਨੂੰ ਆਜ਼ਾਦੀ ਦਿਵਸ ਬੜੇ ਉਤਸ਼ਾਹ, ਦੇਸ਼-ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਦੇਸ਼-ਪ੍ਰੇਮ ਦੀ ਭਾਵਨਾ ਨਾਲ ਭਰਪੂਰ ਰਿਹਾ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਰਦਾਰ ਹਰਚੰਦ ਸਿੰਘ ਬਰਸਟ ਜੀ, ਚੇਅਰਮੈਨ ਮੰਡੀ ਬੋਰਡ ਅਤੇ ਜਨਰਲ ਸਕੱਤਰ, ਆਮ ਆਦਮੀ ਪਾਰਟੀ ਪੰਜਾਬ, ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਨੇ ਸਕੂਲ ਪਹੁੰਚ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਅਨੁਸ਼ਾਸਨ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਹਮੇਸ਼ਾ ਕੰਮ ਆਉਣ ਵਾਲੀਆਂ ਮਹੱਤਵਪੂਰਨ ਗੱਲਾਂ ਵੀ ਸਮਝਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਦੇਸ਼-ਭਗਤਾਂ ਨੂੰ ਸ਼ਰਧਾ ਨਾਲ ਯਾਦ ਕੀਤਾ।
ਇਸ ਮੌਕੇ ਸ੍ਰੀ ਸੋਨਮ ਬਾਂਸਲ ਜੀ, ਸੋਸ਼ਲ ਵਰਕਰ, ਸਰਦਾਰ ਸੰਦੀਪ ਸਿੰਘ ਰਾਜਾ ਤੂੜ ਜੀ, ਸ਼੍ਰੀਮਤੀ ਗੀਤਾਂਜਲੀ ਜੀ ਅਤੇ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਕਰਨਲ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਰਾਸ਼ਟਰੀ ਜੋਤੀ ਕਲਾ ਮੰਚ ਦੇ ਡਾਇਰੈਕਟਰ ਸ੍ਰੀ ਰਾਕੇਸ਼ ਠਾਕੁਰ ਜੀ ਵੀ ਇਸ ਵਿਸ਼ੇਸ਼ ਸਮਾਗਮ ਦਾ ਹਿੱਸਾ ਬਣੇ।
ਆਜ਼ਾਦੀ ਦਿਵਸ ਦੀ ਖੁਸ਼ੀ ਨੂੰ ਹੋਰ ਯਾਦਗਾਰ ਬਣਾਉਣ ਲਈ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਸ਼ਾਨਦਾਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤਾਂ, ਕਵਿਤਾਵਾਂ, ਨਾਚ ਅਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤਿਰੰਗੇ ਦੇ ਰੰਗਾਂ ਨਾਲ ਸਜੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਵਿਸ਼ੇਸ਼ ਆਕਰਸ਼ਣ ਪੈਦਾ ਕੀਤਾ ਅਤੇ ਹਾਜ਼ਰੀਨ ਵੱਲੋਂ ਖੂਬ ਸਰਾਹਨਾ ਪ੍ਰਾਪਤ ਕੀਤੀ।