ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਇਨਸਾਫ਼ ਦੀ ਆਵਾਜ਼ ਵੈਲਫੇਅਰ ਸੋਸਾਇਟੀ ਵੱਲੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਨੂੰ ਪੀ.ਏ.ਸੀ.ਐੱਲ. ਕੰਪਨੀ ਵਿੱਚ ਨਿਵੇਸ਼ ਕਰਨ ਵਾਲੇ ਲੱਖਾਂ ਨਿਵੇਸ਼ਕਾਂ ਦੀ ਫਸੀ ਹੋਈ ਰਕਮ ਵਾਪਸ ਦਿਵਾਉਣ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਸੋਸਾਇਟੀ ਦੇ ਨੁਮਾਇੰਦਿਆਂ ਨੇ ਖੰਨਾ ਤੋਂ ਮੰਗ ਕੀਤੀ ਕਿ ਪੰਜਾਬ ਦੇ ਲੱਖਾਂ ਨਿਵੇਸ਼ਕਾਂ ਦੀ ਇਸ ਗੰਭੀਰ ਸਮੱਸਿਆ ਨੂੰ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।
ਮੰਗ ਪੱਤਰ ਵਿੱਚ ਸੋਸਾਇਟੀ ਨੇ ਦੱਸਿਆ ਕਿ ਪੀ.ਏ.ਸੀ.ਐੱਲ. ਕੰਪਨੀ ਵਿੱਚ ਪੰਜਾਬ ਦੇ ਲਗਭਗ 35 ਲੱਖ ਨਿਵੇਸ਼ਕਾਂ ਦੀ ਰਕਮ ਫਸੀ ਹੋਈ ਹੈ। ਮਾਨਯੋਗ ਸੁਪਰੀਮ ਕੋਰਟ ਵੱਲੋਂ ਨਿਵੇਸ਼ਕਾਂ ਦੀ ਰਕਮ ਵਾਪਸ ਕਰਵਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਪ੍ਰਕਿਰਿਆ ਲਈ ਸੇਵਾਮੁਕਤ ਜਸਟਿਸ ਆਰ.ਐੱਮ. ਲੋਢਾ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਗਈ ਸੀ। ਪਰ ਲੰਬੇ ਸਮੇਂ ਤੋਂ ਯਤਨਾਂ ਦੇ ਬਾਵਜੂਦ ਨਿਵੇਸ਼ਕਾਂ ਨੂੰ ਉਨ੍ਹਾਂ ਦੀ ਜਮ੍ਹਾਂ ਪੂੰਜੀ ਵਾਪਸ ਨਹੀਂ ਮਿਲ ਸਕੀ। ਮੰਗ ਪੱਤਰ ਵਿੱਚ 2 ਫਰਵਰੀ, 2016 ਦੇ ਸੁਪਰੀਮ ਕੋਰਟ ਦੇ ਹੁਕਮ ਦਾ ਵੀ ਜ਼ਿਕਰ ਕੀਤਾ ਗਿਆ।
ਸੋਸਾਇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਵਿੱਚ ਪੀ.ਏ.ਸੀ.ਐੱਲ. ਕੰਪਨੀ ਦੀ ਲਗਭਗ 10 ਹਜ਼ਾਰ ਏਕੜ ਜ਼ਮੀਨ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਜਾਇਦਾਦ ਨੂੰ ਵੇਚ ਕੇ ਨਿਵੇਸ਼ਕਾਂ ਦੀ ਲਗਭਗ 8 ਹਜ਼ਾਰ ਕਰੋੜ ਰੁਪਏ ਦੀ ਰਕਮ ਵਾਪਸ ਕੀਤੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਿਵੇਸ਼ਕਾਂ ਦੀ ਮਿਹਨਤ ਦੀ ਕਮਾਈ ਵਾਪਸ ਦਿਵਾਉਣ ਲਈ ਸਰਕਾਰ ਗੰਭੀਰਤਾ ਨਾਲ ਕਦਮ ਚੁੱਕੇ।
ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿਵੇਸ਼ਕਾਂ ਦੇ ਹਿੱਤਾਂ ਅਤੇ ਉਨ੍ਹਾਂ ਨਾਲ ਹੋਏ ਅਨਿਆਂ ਦਾ ਮੁੱਦਾ ਢੁਕਵੇਂ ਮੰਚਾਂ ’ਤੇ ਉਠਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਭਾਜਪਾ ਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਮਹਿੰਦਰ ਸਿੰਘ ਧਾਂਗੜ, ਜਨਰਲ ਸਕੱਤਰ ਅਭੈ ਕੁਮਾਰ ਦੂਬੇ, ਬਲਬੀਰ ਸਿੰਘ ਜੰਮੂ ਆਦਿ ਵੀ ਹਾਜ਼ਰ ਸਨ।
