ਖਰੜ, 14 ਨਵੰਬਰ (ਦਵਿੰਦਰ ਕੌਰ ਸਹੋਤਾ):- ਥਾਣਾ ਘੜੂੰਆਂ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਕੈਲਾਸ਼ ਬਹਾਦਰ ਨੇ ਅਹੁਦਾ ਸੰਭਾਲਣ ਉਪਰੰਤ ਇਲਾਕੇ ਵਿੱਚ ਨਸ਼ਿਆਂ ਦੇ ਖਾਤਮੇ ਨੂੰ ਆਪਣੀ ਪਹਿਲ ਦੱਸਿਆ। ਰੋਪੜ ਤੋਂ ਤਬਦੀਲ ਹੋ ਕੇ ਆਏ ਇੰਸਪੈਕਟਰ ਕੈਲਾਸ਼ ਬਹਾਦਰ ਨੇ ਸਾਬਕਾ ਐੱਸਐੱਚਓ ਐੱਸਆਈ ਬਲਵਿੰਦਰ ਸਿੰਘ ਦੇ ਤਬਾਦਲੇ ਤੋਂ ਬਾਅਦ ਇਹ ਜ਼ਿੰਮੇਵਾਰੀ ਸੰਭਾਲੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਲਾਕੇ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਨਾ ਦੇਣ, ਤਾਂ ਜੋ ਅਜਿਹੇ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਤੋਂ ਗੁਰੇਜ਼ ਕੀਤਾ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਲਦ ਹੀ ਇਲਾਕੇ ਦੇ ਪਤਵੰਤੇ ਵਿਅਕਤੀਆਂ, ਕੌਂਸਲਰਾਂ ਅਤੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਸਾਂਝੇ ਯਤਨਾਂ ਅਤੇ ਹੋਰ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।