ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੁਲਾਈ, 2026:- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਦੀਆਂ ਗਮਾਡਾ, ਪੁਲਿਸ ਵਿਭਾਗ, ਬਿਜਲੀ ਵਿਭਾਗ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸ਼ਿਕਾਇਤਾਂ ਨੂੰ ਵਿਸਥਾਰ ਨਾਲ ਉਠਾਇਆ ਗਿਆ।
ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ ਅਤੇ ਕਿਸੇ ਵੀ ਮਾਮਲੇ ਨੂੰ ਬਿਨਾਂ ਲੋੜ ਦੇ ਲੰਬਿਤ ਨਾ ਰੱਖਿਆ ਜਾਵੇ।
ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਰਣਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਦੌਰਾਨ ਗਮਾਡਾ ਨਾਲ ਸਬੰਧਤ ਵਿਕਾਸ ਕਾਰਜਾਂ, ਟ੍ਰੈਫਿਕ ਅਤੇ ਸੁਰੱਖਿਆ ਪ੍ਰਬੰਧਾਂ, ਬਿਜਲੀ ਸਪਲਾਈ ਨਾਲ , ਟ੍ਰੈਫਿਕ ਪਾਰਕਿੰਗ ਨਾਲ ਜੁੜੀਆਂ ਸਮੱਸਿਆਵਾਂ ਅਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਡਾ. ਕਾਂਸਲ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਨ੍ਹਾਂ ਮਾਮਲਿਆਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਖਾਵਾਂ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਨਿਯਮਿਤ ਸੰਵਾਦ ਜਾਰੀ ਰੱਖਿਆ ਜਾਵੇਗਾ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੀਵਰੇਜ, ਸਫ਼ਾਈ, ਸੜਕਾਂ, ਮਾਰਕਿਟ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਉਣ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਉਠਾਏ ਗਏ ਮਸਲਿਆਂ ਨੂੰ ਸੁਣਿਆ ਅਤੇ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਮੁਸ਼ਕਿਲਾਂ ਦੇ ਹੱਲ ਲਈ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਅਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਤਾਲਮੇਲ ਨਾਲ ਵਪਾਰਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।
ਮੀਟਿੰਗ ਦੌਰਾਨ ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਹਲਕਾ ਮੋਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਹਲਕਾ ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼
