ਮਾਹਿਲਪੁਰ, 15 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲਦੇ ਕਾਲਜਾਂ ਦੇ ਜ਼ੋਨਲ ਮੁਕਾਬਲਿਆਂ ਵਿੱਚੋਂ ਜੇਤੂ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਅਤੇ ਵਿਰਾਸਤੀ ਗਤੀਵਿਧੀਆਂ ਨਾਲ ਸਬੰਧਤ ਚਾਰ ਰੋਜ਼ਾ ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ ਹੋ ਗਿਆ।

ਇਸ ਯੁਵਕ ਮੇਲੇ ਦੇ ਇਨਾਮ ਵੰਡ ਸਮਾਰੋਹ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਜ਼ੋਨਲ ਅਤੇ ਇੰਟਰ ਜ਼ੋਨਲ ਯੁਵਕ ਮੇਲਿਆਂ ਦੇ ਪ੍ਰਬੰਧਾਂ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਕਾਲਜ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਬਹੁਪੱਖੀ ਵਿਕਾਸ ਲਈ ਅਜਿਹੇ ਯੁਵਕ ਮੇਲੇ ਵੱਡੀ ਭੂਮਿਕਾ ਨਿਭਾਉਂਦੇ ਹਨ।

ਯੁਵਕ ਮੇਲੇ ਦੇ ਤੀਜੇ ਦਿਨ ਦੇ ਦੁਪਹਿਰ ਬਾਅਦ ਵਾਲੇ ਸੈਸ਼ਨ ਵਿੱਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੀਆਂ ਨਾਟਕ ਪੇਸ਼ਕਾਰੀਆਂ ਦਾ ਆਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਕਲਾ ਨੂੰ ਸੰਭਾਲਣ ਦਾ ਸੱਦਾ ਦਿੱਤਾ ਅਤੇ ਕਾਲਜ ਦੇ ਵਧੀਆ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਯੁਵਕ ਮੇਲੇ ਦੇ ਪ੍ਰਧਾਨਗੀ ਮੰਡਲ ਵਿੱਚ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ, ਖਜ਼ਾਨਚੀ ਵੀਰਇੰਦਰ ਸ਼ਰਮਾ ਸਮੇਤ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਨੌਜਵਾਨ ਆਗੂ ਅਮਰਪ੍ਰੀਤ ਸਿੰਘ ਲਾਲੀ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਹਾਜ਼ਰ ਮਹਿਮਾਨਾਂ, ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਪ੍ਰਿੰਸੀਪਲਾਂ, ਸਟਾਫ਼ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਰੋਹ ਦੇ ਸਫ਼ਲ ਆਯੋਜਨ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਓਵਰਆਲ ਟਰਾਫੀ ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਨੇ ਜਿੱਤੀ, ਜਦਕਿ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਨੇ ਦੂਜਾ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਯੁਵਕ ਮੇਲੇ ਦੌਰਾਨ ਸਾਬਕਾ ਵੀਸੀ ਡਾ. ਧਰਮਜੀਤ ਸਿੰਘ, ਪਰਵਾਸੀ ਭਾਰਤੀ ਦਲਜੀਤ ਸਿੰਘ ਸਹੋਤਾ, ਮੋਹਨ ਲਾਲ ਫਾਊਂਡੇਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਧਾਲੀਵਾਲ, ਯੁਵਕ ਸੇਵਾਵਾਂ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਨਿਰਮਲ ਜੌੜਾ, ਪ੍ਰਿੰਸੀਪਲ ਕਮਲਜੀਤ ਧਾਲੀਵਾਲ, ਸੈਨੇਟਰ ਡਾ. ਇੰਦਰਪਾਲ ਸਿੰਘ ਸਿੱਧੂ, ਸਾਬਕਾ ਸੈਨੇਟ ਮੈਂਬਰ ਡਾ. ਗੁਰਦੀਪ ਸ਼ਰਮਾ, ਸੈਨੇਟਰ ਡਾ. ਜਗਤਾਰ ਸਿੰਘ, ਪ੍ਰਿੰਸੀਪਲ ਤਰਲੋਕ ਸਿੰਘ ਬੰਧੂ, ਪ੍ਰਿੰਸੀਪਲ ਪਵਨ ਕੁਮਾਰ, ਸਾਬਕਾ ਪ੍ਰਿੰਸੀਪਲ ਸੁਰਜੀਤ ਸਿੰਘ, ਐਸਡੀਐਮ ਸੰਜੀਵ ਕੁਮਾਰ, ਤਹਿਸੀਲਦਾਰ ਲਵਪ੍ਰੀਤ ਸਿੰਘ, ਅਰਵਿੰਦਰ ਸਿੰਘ ਹਵੇਲੀ, ਕੁਲਵਿੰਦਰ ਸਿੰਘ ਜੰਡਾ, ਸੇਵਾਮੁਕਤ ਡੀਐਫਓ ਜਗਜੀਵਨ ਸਿੰਘ, ਕੁਲਤਰਨਜੀਤ ਸਿੰਘ, ਰਾਜਵਿੰਦਰ ਸਮਰਾਲਾ, ਸੰਜੀਵ ਭਾਰਦਵਾਜ, ਪ੍ਰਿੰਸੀਪਲ ਬੀਐਸ ਜਮਵਾਲ, ਪ੍ਰਿੰਸੀਪਲ ਡਾ. ਰੋਹਤਾਂਸ਼, ਪ੍ਰਬੰਧਕੀ ਸਕੱਤਰ ਡਾ. ਵਿਕਰਾਂਤ ਰਾਣਾ, ਡਾ. ਦੇਵ ਕੁਮਾਰ, ਪ੍ਰੋ. ਅਰਾਧਨਾ ਦੁੱਗਲ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼, ਵੱਖ-ਵੱਖ ਕਾਲਜਾਂ ਦੇ ਇੰਚਾਰਜ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।