ਪਟਿਆਲਾ, 19 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ ’ਤੇ ਭਾਖੜਾ ਨਹਿਰ ਉੱਤੇ ਬਣਿਆ ਲਗਭਗ 60 ਮੀਟਰ ਲੰਬਾ ਲੋਹੇ ਵਾਲਾ ਪੁਲ ਅੱਜ ਸਵੇਰੇ ਅਚਾਨਕ ਢਹਿ ਗਿਆ। ਇਸ ਹਾਦਸੇ ਸਮੇਂ ਪੁਲ ਤੋਂ ਲੰਘ ਰਹੇ ਦੋ ਟਰੱਕ ਟੁੱਟੇ ਹੋਏ ਢਾਂਚੇ ਵਿੱਚ ਫਸ ਗਏ, ਜਿਨ੍ਹਾਂ ਵਿੱਚੋਂ ਇੱਕ ਟਰੱਕ ਨੂੰ ਅੱਗ ਵੀ ਲੱਗ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਦੋਵੇਂ ਟਰੱਕ ਡਰਾਈਵਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ.) ਦੀ ਇੱਕ ਟੀਮ ਮੌਕੇ ’ਤੇ ਪਹੁੰਚੀ। ਟੀਮ ਅਨੁਸਾਰ ਪੁਲ ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਬਣਾਇਆ ਗਿਆ ਸੀ। ਇਹ ਪੁਲ 2017–18 ਵਿੱਚ ਪੂਰਾ ਹੋਇਆ ਸੀ, ਜਦੋਂ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਸੀ। ਪੁਲ ਡਿੱਗਣ ਨਾਲ ਵਿਭਾਗ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ, ਜਿਸ ਦਾ ਇਸ ਸਮੇਂ ਮੁਲਾਂਕਣ ਕੀਤਾ ਜਾ ਰਿਹਾ ਹੈ।
8–9 ਸਾਲਾਂ ਦੇ ਅੰਦਰ ਹੀ ਇਸ ਪੁਲ ਦਾ ਢਹਿ ਜਾਣਾ ਉਸਾਰੀ ਅਤੇ ਰੱਖ-ਰਖਾਅ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕਰਦਾ ਹੈ। ਪਤਾ ਲੱਗਾ ਹੈ ਕਿ ਪਿਛਲੇ ਸਾਲ ਵੀ ਪੁਲ ਵਿੱਚ ਤਰੇੜਾਂ ਆ ਗਈਆਂ ਸਨ, ਜਿਨ੍ਹਾਂ ਦੀ ਮੁਰੰਮਤ ਐੱਨ.ਐੱਚ.ਏ.ਆਈ. ਨੇ ਕਰਵਾਈ ਸੀ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ ਦੋਵੇਂ ਟਰੱਕਾਂ ਦਾ ਰੇਤ ਨਾਲ ਓਵਰਲੋਡ ਹੋਣਾ ਹੋ ਸਕਦਾ ਹੈ, ਪਰ ਅਜੇ ਤੱਕ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਕਾਰਨ ਕੁਝ ਵੀ ਹੋਵੇ, 8–9 ਸਾਲਾਂ ਦੇ ਅੰਦਰ ਪੁਲ ਦਾ ਢਹਿ ਜਾਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਹਾਦਸੇ ਮਗਰੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ, ਜਦਕਿ ਜ਼ਖ਼ਮੀ ਟਰੱਕ ਚਾਲਕ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਭਾਖੜਾ ਨਹਿਰ ਦੇ ਕਿਨਾਰਿਆਂ ਨੂੰ ਸੁਰੱਖਿਅਤ ਬਣਾਉਣਾ ਅਤੇ ਪੁਲ ਦੀ ਮੁੜ ਉਸਾਰੀ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਜਲ ਸਰੋਤ (ਸਿੰਚਾਈ) ਵਿਭਾਗ ਵੱਲੋਂ ਭਾਖੜਾ ਨਹਿਰ ਵਿੱਚ ਪਾਣੀ ਦਾ ਪੱਧਰ ਘਟਾ ਕੇ ਨਹਿਰ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਟੁੱਟੇ ਹੋਏ ਪੁਲ ਦਾ ਮਲਬਾ ਅਤੇ ਲੋਹੇ ਦਾ ਢਾਂਚਾ ਤੁਰੰਤ ਹਟਾਇਆ ਜਾਵੇ ਅਤੇ ਸੜਕ ’ਤੇ ਆਵਾਜਾਈ ਬਹਾਲ ਕਰਨ ਲਈ ਪੁਲ ਦੀ ਮੁੜ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਡਿਪਟੀ ਜਨਰਲ ਮੈਨੇਜਰ ਵਿਪੁਨ ਮਹਿਤਾ ਅਤੇ ਪ੍ਰਾਜੈਕਟ ਡਾਇਰੈਕਟਰ ਅਮਿਤ ਓਝਾ ਨਾਲ ਬੈਠਕ ਕਰਕੇ ਪੁਲ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਇਸ ਤੋਂ ਇਲਾਵਾ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੈਜਿਸਟ੍ਰੇਟੀ ਜਾਂਚ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੜਕ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਆਵਾਜਾਈ ਨੂੰ ਸਰਵਿਸ ਰੋਡ ਵੱਲ ਮੋੜ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਐੱਨ.ਐੱਚ.ਏ.ਆਈ. ਦੇ ਅਧਿਕਾਰੀਆਂ ਅਨੁਸਾਰ ਨੁਕਸਾਨੇ ਗਏ ਪੁਲ ਵਾਲੀ ਥਾਂ ’ਤੇ ਆਵਾਜਾਈ ਬਹਾਲ ਕਰਨ ਲਈ 60 ਮੀਟਰ ਸਪੈਨ ਵਾਲੇ ਬੇਲੀ ਬ੍ਰਿਜ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਵਾਜਾਈ ਜਲਦੀ ਮੁੜ ਸ਼ੁਰੂ ਕਰਨ ਦਾ ਟੀਚਾ ਹੈ।
ਉਨ੍ਹਾਂ ਦੱਸਿਆ ਕਿ ਐੱਨ.ਐੱਚ.ਏ.ਆਈ. ਵੱਲੋਂ ਪੁਲ ਢਹਿਣ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੁਧਾਰਾਤਮਕ ਉਪਾਅ ਸੁਝਾਉਣ ਵਾਸਤੇ ਇੱਕ ਮਾਹਿਰ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
