ਪਟਿਆਲਾ, 1 ਅਗਸਤ:- ਵਾਰਡ ਨੰਬਰ 56 ਅਧੀਨ ਬਡੂੰਗਰ ਸਥਿਤ ਜੋਗਿੰਦਰ ਨਗਰ, ਜੋ ਸ਼ਹਿਰ ਦੇ ਪੌਸ਼ ਇਲਾਕਿਆਂ ਵਿੱਚ ਸ਼ੁਮਾਰ ਕੀਤਾ ਜਾਂਦਾ ਹੈ, ਦੀਆਂ ਕਈ ਸਾਲਾਂ ਤੋਂ ਖਸਤਾ ਹਾਲ ਸੜਕਾਂ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਇਲਾਕੇ ਵਿੱਚ ਵਿਕਾਸ ਕਾਰਜ ਜਲਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਸਾਬਕਾ ਬ੍ਰਿਗੇਡੀਅਰ ਅਦਵਿਦਿਆ ਮਦਾਨ ਅਤੇ ਨਿਧੀ ਮਦਾਨ ਦੇ ਯਤਨਾਂ ਸਦਕਾ ਹਲਕਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਲਾਕੇ ਦਾ ਦੌਰਾ ਕੀਤਾ।
ਇਸ ਦੌਰਾਨ ਜੋਗਿੰਦਰ ਨਗਰ ਵੈਲਫੇਅਰ ਸੁਸਾਇਟੀ ਦੇ ਆਗੂਆਂ ਸ਼ਰਨਜੀਤ ਸਿੰਘ, ਮਨਮੁੱਖ ਸਿੰਘ ਸਿੱਧੂ, ਜਸਵੀਰ ਸਿੰਘ ਅਤੇ ਸ਼ਿਵਾਜੀ ਧਾਰੀਵਾਲ ਨੇ ਵਿਧਾਇਕ ਨੂੰ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਜੋਗਿੰਦਰ ਨਗਰ ਦੀਆਂ ਟੁੱਟੀਆਂ ਸੜਕਾਂ ਦਾ ਨਵੀਨੀਕਰਨ ਨਹੀਂ ਹੋਇਆ। ਸੜਕਾਂ 'ਤੇ ਥਾਂ-ਥਾਂ ਬਣੇ ਖੱਡਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ, ਕਿਉਂਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ ਬੈਂਕ ਕਲੋਨੀ ਚੌਂਕ ਤੋਂ ਪ੍ਰਤਾਪ ਨਗਰ ਤੱਕ ਜਾਣ ਵਾਲੀ ਸੜਕ ਵੀ ਬਹੁਤ ਹੀ ਖਸਤਾ ਹਾਲਤ ਵਿੱਚ ਹੈ। ਇਸ ਸੜਕ ਰਾਹੀਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਅਤੇ ਵਾਹਨ ਆਵਾਜਾਈ ਕਰਦੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਬਡੂੰਗਰ ਤੋਂ ਪ੍ਰਤਾਪ ਨਗਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋਗਿੰਦਰ ਨਗਰ ਦੀਆਂ ਸੜਕਾਂ ਦਾ ਨਵੀਨੀਕਰਨ ਵੀ ਅਗਲੇ ਡੇਢ ਮਹੀਨੇ ਦੇ ਅੰਦਰ ਕਰਵਾ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਭਲਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਭਗਵਾਨ ਦਾਸ, ਜਸਵਿੰਦਰ ਸਿੰਘ, ਅਨਿਲ, ਗੁਰਜਿੰਦਰ ਸਿੰਘ, ਸ਼ਲਿੰਦਰ, ਸਾਧੂ ਸਿੰਘ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।
ਜੋਗਿੰਦਰ ਨਗਰ ਵਾਸੀਆਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਕੋਲ ਟੁੱਟੀਆਂ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਕਾਰਜ ਜਲਦ ਸ਼ੁਰੂ ਕਰਨ ਦੀ ਕੀਤੀ ਮੰਗ
