ਬਠਿੰਡਾ, 9 ਸਤੰਬਰ:- ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਤੇ ਸਿਹਤ ਵਿਭਾਗ, ਜੀ.ਐਸ.ਟੀ. ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਦੋ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਦੇ ਵੱਖ-ਵੱਖ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮਾਂ ਵੱਲੋਂ ਦੁਕਾਨਦਾਰਾਂ ਨੂੰ ਹਦਾਇਤ ਦਿੱਤੀ ਗਈ ਕਿ ਬਿਨਾਂ ਚੇਤਾਵਨੀ ਵਾਲੀਆਂ ਇੰਮਪੋਰਟ ਸਿਗਰੇਟਾਂ ਅਤੇ ਈ-ਸਿਗਰੇਟਾਂ ਨਾ ਵੇਚੀਆਂ ਜਾਣ, ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਕਮ ਤੰਬਾਕੂ ਕੰਟਰੋਲ ਨੋਡਲ ਅਫ਼ਸਰ ਡਾ. ਊਸ਼ਾ ਗੋਇਲ, ਫੂਡ ਸੇਫਟੀ ਅਤੇ ਡਰੱਗਜ ਸ਼ਾਖਾ ਦੇ ਅਧਿਕਾਰੀ ਸ਼ਾਮਿਲ ਸਨ। ਉਹਨਾਂ ਦੱਸਿਆ ਕਿ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਅਤੇ ਪੈਕੇਟ ’ਤੇ ਲਾਜ਼ਮੀ ਸਿਹਤ ਚੇਤਾਵਨੀ ਤੋਂ ਬਿਨਾਂ ਉਪਲਬਧ ਸਿਗਰੇਟਾਂ ਸਬੰਧੀ ਜ਼ਿਲ੍ਹਾ ਬਠਿੰਡਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
ਟੀਮ ਵਿੱਚ ਸ਼ਾਮਿਲ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਚੈਕਿੰਗ ਦੌਰਾਨ ਟੀਮਾਂ ਵੱਲੋਂ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਸਰਕਾਰ ਵੱਲੋਂ ਜਾਰੀ ਨਿਯਮਾਂ ਅਤੇ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ। ਟੀਮਾਂ ਨੇ ਖਾਸ ਤੌਰ ’ਤੇ ਗੈਰ-ਕਾਨੂੰਨੀ, ਬਿਨਾਂ ਲਾਜ਼ਮੀ ਸਿਹਤ ਚੇਤਾਵਨੀ ਵਾਲੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਿਗਰੇਟ ਉਤਪਾਦਾਂ ਦੀ ਜਾਂਚ ਕੀਤੀ। ਉਹਨਾਂ ਕਿਹਾ ਕਿ ਤੰਬਾਕੂ ਉਤਪਾਦਾਂ ਦੀ ਵਰਤੋਂ ਨਾਲ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸਬੰਧੀ ਰੋਗਾਂ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਨਿਯਮਾਂ ਅਨੁਸਾਰ ਨਿਯੰਤਰਿਤ ਕਰਨਾ ਬਹੁਤ ਜ਼ਰੂਰੀ ਹੈ।
ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਅਤੇ ਗੈਰ-ਕਾਨੂੰਨੀ ਜਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੰਬਾਕੂ ਉਤਪਾਦਾਂ ਦੀ ਵਿਕਰੀ ਨਾ ਕਰਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਸਾਂਝੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਗੈਰਕਾਨੂੰਨੀ ਅਤੇ ਬਿਨਾਂ ਚੇਤਾਵਨੀ ਵਾਲੀਆਂ ਸਿਗਰੇਟਾਂ ਦੀ ਵਿਕਰੀ ਵਿਰੁੱਧ ਜੀਐਸਟੀ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਸਾਂਝੀ ਚੈਕਿੰਗ
