ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਬੀਤੇ ਦਿਨੀਂ 30 ਸਾਲਾ ਨੌਜਵਾਨ ਕ੍ਰਿਸ਼ਨ ਕੁਮਾਰ ਦੀ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਅਤੇ ਜਾਣਕਾਰ ਜੇਲ੍ਹ ਚੌਕ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਜੇਲ੍ਹ ਪ੍ਰਸ਼ਾਸਨ ਉਸ ਦੀ ਮੌਤ ਦੇ ਅਸਲ ਕਾਰਨਾਂ ਨੂੰ ਲੁਕਾ ਰਿਹਾ ਹੈ। ਉਨ੍ਹਾਂ ਅਨੁਸਾਰ ਮੌਤ ਤੋਂ ਪਹਿਲਾਂ ਪਰਿਵਾਰ ਨੂੰ ਉਸ ਦੀ ਸਿਹਤ ਖ਼ਰਾਬ ਹੋਣ ਦੀ ਸੂਚਨਾ ਦਿੱਤੀ ਗਈ ਸੀ, ਪਰ ਹੁਣ ਮੌਤ ਦਾ ਕਾਰਨ ਖ਼ੁਦਕੁਸ਼ੀ ਦੱਸਿਆ ਜਾ ਰਿਹਾ ਹੈ। ਸ੍ਰੀ ਸੂਦ ਨੇ ਇਨ੍ਹਾਂ ਦੋਵਾਂ ਗੱਲਾਂ ਨੂੰ ਆਪਸ ਵਿੱਚ ਵਿਰੋਧਾਭਾਸੀ ਦੱਸਿਆ।

ਸ੍ਰੀ ਸੂਦ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਦੀ ਵਿਵਸਥਾ ਜਿੰਨੀ ਖ਼ਰਾਬ ਹੋਈ ਹੈ, ਉਹ ਪਹਿਲਾਂ ਕਦੇ ਦੇਖਣ ਨੂੰ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਵਿੱਚ ਗੈਂਗਸਟਰਾਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਹਨ ਅਤੇ ਜੇਲ੍ਹਾਂ ਅੰਦਰੋਂ ਉਨ੍ਹਾਂ ਦੀਆਂ ਇੰਟਰਵਿਊ ਵੀ ਮੀਡੀਆ ਰਾਹੀਂ ਪ੍ਰਸਾਰਿਤ ਹੋ ਚੁੱਕੀਆਂ ਹਨ। ਉਨ੍ਹਾਂ ਨੇ ਜੇਲ੍ਹਾਂ ਵਿੱਚ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ’ਤੇ ਚੱਲਣ ਦਾ ਵੀ ਦੋਸ਼ ਲਾਇਆ।

ਉਨ੍ਹਾਂ ਇਸ ਦੀ ਮਿਸਾਲ ਵਜੋਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਤੱਕ ਦੇ ਇਸ ਮਾਮਲੇ ਵਿੱਚ ਸ਼ਾਮਲ ਪਾਏ ਜਾਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਖ਼ੁਦਕੁਸ਼ੀਆਂ ਦੀਆਂ ਘਟਨਾਵਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਮੰਗ ਕੀਤੀ ਕਿ ਕ੍ਰਿਸ਼ਨ ਕੁਮਾਰ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।