ਚੰਡੀਗੜ੍ਹ, 22 ਨਵੰਬਰ:- ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਸਿਰਸਾ ਦੇ ਕਾਲਾਂਵਾਲੀ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ ਸੁਰੇਸ਼ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਰਾਕੇਸ਼ ਕੁਮਾਰ, ਕੌਂਸਲਰ ਅਮਨ ਜੈਨ, ਸੁਭਾਸ਼ ਸ਼ਰਮਾ, ਮਿੰਟੂ ਸਿੰਗਲਾ, ਮਨੋਜ ਅਤੇ ਸ਼ਿਆਮਲਾਲ ਕੰਬੋਜ ਸਮੇਤ ਕਈ ਆਗੂਆਂ ਅਤੇ ਕੌਂਸਲਰਾਂ ਨੇ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਜਪਾ ਦੇ ਵਰਕਰ ਪੂਰੀ ਸਰਗਰਮੀ ਨਾਲ ਕੰਮ ਕਰਨ। ਨਸ਼ਿਆਂ ਨੂੰ ਸਮਾਜ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਹਰਿਆਣਾ ਸਰਕਾਰ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ 94 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਹੈ। ਨਸ਼ਿਆਂ ਦੇ ਨੈੱਟਵਰਕ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਪੰਚਾਇਤੀ ਨੁਮਾਇੰਦਿਆਂ, ਪੁਲਿਸ ਅਧਿਕਾਰੀਆਂ, ਕੌਂਸਲਰਾਂ, ਸਮਾਜਿਕ ਸੰਗਠਨਾਂ ਅਤੇ ਕੈਮਿਸਟ ਐਸੋਸੀਏਸ਼ਨ ਨੂੰ ਨਾਲ ਲੈ ਕੇ ਟਾਸਕ ਫੋਰਸ ਅਤੇ ਸੰਕਲਪ ਸੋਸਾਇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲਾਡੋ ਲਕਸ਼ਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 2,100 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ 3,000 ਕਰੋੜ ਰੁਪਏ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੇ ਗਏ ਹਨ। ਉੱਥੇ ਹੀ, 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਵੀ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ’ਤੇ ਖਰੀਦ ਯਕੀਨੀ ਬਣਾਈ ਜਾ ਰਹੀ ਹੈ। ਸਬਜ਼ੀਆਂ ਅਤੇ ਆਲੂ ਉਤਪਾਦਕਾਂ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਿਤ ਲਗਭਗ 350 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਉਦਯੋਗਿਕ ਇਕਾਈਆਂ ਦੀ ਲੋੜ ਅਨੁਸਾਰ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਲਈ ਆਈ.ਟੀ.ਆਈ. ਸੰਸਥਾਵਾਂ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਉਣ ’ਤੇ ਲਗਭਗ 350 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਸਾਲ 2029 ਤੱਕ ਪੁਰਾਣੀਆਂ ਅਤੇ ਨੁਕਸਾਨੀਆਂ ਗਈਆਂ ਨਹਿਰਾਂ ਅਤੇ ਮਾਈਨਰਾਂ ਦੇ ਮਜ਼ਬੂਤੀਕਰਨ ਲਈ ਯੋਜਨਾ ਤਿਆਰ ਕੀਤੀ ਗਈ ਹੈ।
ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਭਾਜਪਾ ਡੱਬਵਾਲੀ ਦੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ, ਰਾਜਿੰਦਰ ਦੇਸੂਜੋਧਾ, ਚੇਅਰਮੈਨ ਦੇਵ ਕੁਮਾਰ ਸ਼ਰਮਾ ਅਤੇ ਸਾਬਕਾ ਚੇਅਰਮੈਨ ਰਵਿੰਦਰ ਬਲਿਆਲਾ, ਸਾਬਕਾ ਵਿਧਾਇਕ ਮੱਖਣ ਲਾਲ ਸਿੰਗਲਾ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਅਸ਼ੋਕ ਛਾਬੜਾ ਸਮੇਤ ਕਈ ਪਤਵੰਤੇ ਹਾਜ਼ਰ ਸਨ।
