ਨਵਾਂਸ਼ਹਿਰ/ਕਾਠਗੜ੍ਹ, 18 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਡੀ.ਐੱਸ.ਪੀ. ਹੇਮੰਤ ਮਲਹੋਤਰਾ, ਬਲਾਚੌਰ ਅਤੇ ਥਾਣਾ ਕਾਠਗੜ੍ਹ ਦੇ ਮੁੱਖ ਅਫ਼ਸਰ ਇੰਸਪੈਕਟਰ ਕਮਲ ਤਨੇਜਾ ਦੀ ਅਗਵਾਈ ਹੇਠ ਕਾਠਗੜ੍ਹ ਪੁਲਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੁਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਸ ਪਾਰਟੀ ਕਾਠਗੜ੍ਹ ਤੋਂ ਆਸਰੋਂ ਵਾਲੇ ਪਾਸੇ ਜਾ ਰਹੀ ਸੀ ਤਾਂ ਰੈਲ ਮਾਜਰਾ ਅੱਡੇ ਨੇੜੇ ਸਾਹਮਣੇ ਤੋਂ ਪੈਦਲ ਆ ਰਿਹਾ ਇੱਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਉਸ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫ਼ਾਫ਼ੀ ਕੱਢ ਕੇ ਘਾਹ-ਫੂਸ ਵਿੱਚ ਸੁੱਟ ਦਿੱਤੀ ਅਤੇ ਖ਼ੁਦ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਉਸ ਵਿੱਚੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ।

ਫੜੇ ਗਏ ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਰੈਲ ਮਾਜਰਾ, ਥਾਣਾ ਕਾਠਗੜ੍ਹ ਵਜੋਂ ਹੋਈ।

ਇਸ ਸਬੰਧੀ ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਉਦੇਸ਼ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨਾ, ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ।