ਗੜ੍ਹਸ਼ੰਕਰ, 03 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿੱਚ ਮੋਹਰੀ ਸਥਾਨ ਹਾਸਲ ਕੀਤੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਅਥਲੈਟਿਕਸ ਦੇ ਡਿਸਕਸ ਥਰੋਅ ਅੰਡਰ-30 ਸਾਲ ਵਰਗ ਵਿੱਚ ਮੋਹਿਤ ਨੇ ਪਹਿਲਾ ਤੇ ਦਿਲਜੀਤ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਕੁਆਲੀਫਾਈ ਕੀਤਾ। 1500 ਮੀਟਰ ਦੌੜ ਅੰਡਰ-30 ਸਾਲ ਵਰਗ ਵਿੱਚ ਧਰਮਵੀਰ ਨੇ ਤੀਜਾ ਸਥਾਨ, ਪਾਵਰਲਿਫਟਿੰਗ ਦੇ ਅੰਡਰ-21 ਸਾਲ ਵਰਗ ਦੇ 74 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ੁਭਮ ਨੇ ਤੀਜਾ ਸਥਾਨ ਅਤੇ ਅੰਡਰ-30 ਸਾਲ ਵਰਗ ਦੇ 83 ਕਿਲੋਗ੍ਰਾਮ ਭਾਰ ਵਰਗ ਵਿੱਚ ਅਨੁਜ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਪੰਜਾਬ ਸਟਾਈਲ ਲੜਕੇ ਅੰਡਰ-21 ਸਾਲ ਵਰਗ ਵਿੱਚ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਸ਼ੂਟਿੰਗ ਦੇ ਅੰਡਰ-21 ਸਾਲ ਉਮਰ ਵਰਗ ਵਿੱਚ ਪਰਮਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਲਈ ਹੋਰ ਮਿਹਨਤ ਕਰਕੇ ਉੱਚ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਟੇਟ ਪੱਧਰ ਲਈ ਕੁਆਲੀਫਾਈ ਕਰਨ ਵਾਲੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪ੍ਰੋ. ਸਤਿੰਦਰਜੀਤ ਕੌਰ, ਫਿਜ਼ੀਕਲ ਐਜੂਕੇਸ਼ਨ ਅਧਿਆਪਕ ਦਾ ਇਨ੍ਹਾਂ ਪ੍ਰਾਪਤੀਆਂ ਲਈ ਵਿਸ਼ੇਸ਼ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਨਿਰੰਤਰ ਮੁਕਾਬਲਿਆਂ ਲਈ ਤਿਆਰੀ ਕਰਵਾਈ। ਪ੍ਰੋ. ਲਖਵਿੰਦਰਜੀਤ ਕੌਰ ਅਤੇ ਕਾਲਜ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ।
