ਨਵਾਂਸ਼ਹਿਰ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ 20 ਅਗਸਤ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਵਿਖੇ  ਪੁੱਜੇਗੀ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਦੀ ਆਮਦ ਅਤੇ ਬਲਾਕ  ਪੱਧਰ ’ਤੇ  ਹੋਣ ਵਾਲੇ ਵੱਖ-ਵੱਖ ਸਮਾਗਮਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਸ਼ਾਲ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੋ ਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੁੱਜੇਗੀ ।   ਉਨ੍ਹਾਂ ਦੱਸਿਆ ਕਿ ਇਸ ਮਸ਼ਾਲ ਦਾ ਰਾਤ ਦਾ ਠਹਿਰਾਓ ਵੀ ਐਸ.ਬੀ.ਐਸ ਨਗਰ ਵਿਖੇ ਹੀ ਕੀਤਾ ਜਾਵੇਗਾ। ਮਸ਼ਾਲ ਮਿਤੀ 21-08-2026 ਨੂੰ ਇੱਥੋਂ ਜ਼ਿਲ੍ਹਾ ਜਲੰਧਰ ਲਈ ਰਵਾਨਾ ਹੋਵੇਗੀ। ਉਹਨਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਅਤੇ ਉਹਨਾਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
     ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਬੱਚਿਆਂ ਦੀ ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ।  
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮਾਂ ਦੌਰਾਨ ਬੱਚਿਆਂ ਦੀ ਸਿਹਤ ਦਾ  ਵੀ ਪੂਰਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਦੀ ਰਿਫਰੈਸ਼ਮੈਂਟ ਦਾ ਵੀ ਪੂਰਾ ਧਿਆਨ ਰੱਖਿਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਸ਼ਾਲ ਦੇ ਨਾਲ  ਇੱਕ ਐਬੂਲੈਂਸ ਦਾ ਪ੍ਰਬੰਧ ਵੀ ਕੀਤਾ ਜਾਵੇl ਇਸ ਦੇ ਨਾਲ ਹੀ ਪੀਣ ਵਾਲੇ ਪਾਣੀ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ।
ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਮਸ਼ਾਲ ਦੇ ਆਗਮਨ ਅਤੇ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਅਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਮੀਟਿੰਗ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੁਚੱਜੇ ਅਤੇ ਸ਼ਾਨਦਾਰ ਢੰਗ ਨਾਲ ਕਰਵਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਰਮਨਜੀਤ,ਜਿਲਾ ਖੇਡ ਅਫਸਰ ਵੰਦਨਾ ਚੋਹਾਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।