ਬੰਗਾ, 21 ਅਗਸਤ:- ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਦਾ ਬੰਗਾ ਵਿਖੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਬਹੁਤ ਹੀ ਸ਼ਾਨਦਾਰ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸਪੋਰਟਸ ਚੇਅਰਪਰਸਨ ਬੰਗਾ ਸ. ਭੁੱਲਰ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀ, ਅਥਲੀਟ ਅਤੇ ਹੋਰ ਪਤਵੰਤੇ ਮੌਜੂਦ ਰਹੇ।
ਮਸ਼ਾਲ ਦਾ ਪੂਰੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਗਿਆ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾ ਸਹਿਤ ਮੱਥਾ ਟੇਕਿਆ ਗਿਆ। ਇਸ ਮੌਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉਪਰੰਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵੱਲੋਂ ਮਸ਼ਾਲ ਨੂੰ ਮਾਣ-ਸਨਮਾਨ ਸਹਿਤ ਅਗਲੇ ਪੜਾਅ ਜਲੰਧਰ ਜ਼ਿਲ੍ਹੇ ਵੱਲ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ ਅਤੇ ਖੇਡਾਂ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਮਸ਼ਾਲ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਖੇਡ ਭਾਵਨਾ, ਏਕਤਾ ਅਤੇ ਖੇਡਾਂ ਪ੍ਰਤੀ ਉਤਸ਼ਾਹ ਦਾ ਸੰਦੇਸ਼ ਪਹੁੰਚਾ ਰਹੀ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।