ਹੁਸ਼ਿਆਰਪੁਰ:- ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਡਿਪਟੀ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੂੰ ਸੁਸ਼ਾਸਨ, ਲੋਕ ਸੇਵਾ ਅਤੇ ਪ੍ਰਸ਼ਾਸਨਿਕ ਉਤਕ੍ਰਿਸ਼ਟਤਾ ਦੇ ਖੇਤਰ ਵਿੱਚ ਰਾਸ਼ਟਰੀ ਪੱਧਰ 'ਤੇ ਵੱਡੀ ਉਪਲਬਧੀ ਹਾਸਲ ਹੋਈ ਹੈ। ਪ੍ਰਸਿੱਧ ਰੇਟਿੰਗ ਮੈਗਜ਼ੀਨ ਫੇਮ ਇੰਡੀਆ ਏਸ਼ੀਆ ਪੋਸਟ ਵੱਲੋਂ ਕਰਵਾਏ ਗਏ ਬੈਸਟ ਡਿਸਟ੍ਰਿਕਟ ਮੈਜਿਸਟ੍ਰੇਟ ਸਰਵੇ-2027 ਵਿੱਚ ਉਨ੍ਹਾਂ ਨੂੰ ਦੇਸ਼ ਦੇ 25 ਸਰਵੋਤਮ ਜ਼ਿਲ੍ਹਾ ਅਧਿਕਾਰੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਦੇਸ਼ ਭਰ ਦੇ ਲਗਭਗ 800 ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਮੁਖੀਆਂ ਦੀ ਕਾਰਗੁਜ਼ਾਰੀ, ਲੋਕ ਭਲਾਈ ਕਾਰਜਾਂ, ਨਵੀਨਤਾਵਾਂ, ਵਿਕਾਸ ਪ੍ਰੋਜੈਕਟਾਂ ਅਤੇ ਸੁਸ਼ਾਸਨ ਦੇ ਮਾਪਦੰਡਾਂ ਦੇ ਆਧਾਰ 'ਤੇ ਇਹ ਸਰਵੇਖਣ ਕੀਤਾ ਗਿਆ। ਪਹਿਲੇ ਪੜਾਅ ਵਿੱਚ ਦੇਸ਼ ਦੇ 100 ਸ਼ਾਨਦਾਰ ਜ਼ਿਲ੍ਹਾ ਅਧਿਕਾਰੀਆਂ ਦੀ ਚੋਣ ਕੀਤੀ ਗਈ, ਜਿਸ ਤੋਂ ਬਾਅਦ ਵਿਸਥਾਰਪੂਰਵਕ ਮੁਲਾਂਕਣ ਉਪਰੰਤ ਮੈਡਮ ਕੋਮਲ ਮਿੱਤਲ ਨੇ ਦੇਸ਼ ਦੇ ਚੋਟੀ ਦੇ 25 ਜ਼ਿਲ੍ਹਾ ਅਧਿਕਾਰੀਆਂ ਵਿੱਚ ਆਪਣੀ ਥਾਂ ਬਣਾਈ।
ਸਾਲ 2014 ਬੈਚ ਦੀ ਆਈਏਐਸ ਅਧਿਕਾਰੀ ਕੋਮਲ ਮਿੱਤਲ ਇਸ ਵੇਲੇ ਮੋਹਾਲੀ ਜ਼ਿਲ੍ਹੇ ਦੀ ਕਮਾਨ ਸੰਭਾਲ ਰਹੀ ਹੈ। ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਕਾਸ, ਲੋਕ ਭਲਾਈ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਤੇਜ਼ੀ ਨਾਲ ਵਿਕਸਤ ਹੋ ਰਹੇ ਮੋਹਾਲੀ ਜ਼ਿਲ੍ਹੇ ਵਿੱਚ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ, ਪਾਰਦਰਸ਼ੀ ਪ੍ਰਸ਼ਾਸਨ ਅਤੇ ਸਰਕਾਰੀ ਸੇਵਾਵਾਂ ਦੀ ਪ੍ਰਭਾਵਸ਼ਾਲੀ ਡਿਲੀਵਰੀ ਨੂੰ ਪਹਿਲ ਦਿੱਤੀ ਹੈ।
ਮੈਡਮ ਮਿੱਤਲ ਹੋਰਾਂ ਨੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਧ ਰਹੇ ਸ਼ਹਿਰੀਕਰਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ, ਟ੍ਰੈਫਿਕ ਪ੍ਰਬੰਧਨ, ਵਾਤਾਵਰਣ ਸੰਭਾਲ ਅਤੇ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਹਨ। ਉਨ੍ਹਾਂ ਦੀ ਕਾਰਜਸ਼ੈਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਭਾਗੀਦਾਰੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ, ਜਿਸ ਦੀ ਹਰ ਪੱਧਰ 'ਤੇ ਸਰਾਹਨਾ ਹੋਈ ਹੈ।
ਇਸ ਤੋਂ ਪਹਿਲਾਂ ਉਹ ਮੁਕੇਰੀਆਂ ਵਿੱਚ ਐੱਸ.ਡੀ.ਐੱਮ., ਅੰਮ੍ਰਿਤਸਰ ਨਗਰ ਨਿਗਮ ਵਿੱਚ ਵਧੀਕ ਕਮਿਸ਼ਨਰ, ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਵਧੀਕ ਸਕੱਤਰ ਅਤੇ ਹੁਸ਼ਿਆਰਪੁਰ ਵਿੱਚ  ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੀ ਹੈ।
ਹੁਸ਼ਿਆਰਪੁਰ ਵਿੱਚ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਦੀ ਪਹਿਲੀ ਡਿਜ਼ੀਟਲ ਲਾਇਬ੍ਰੇਰੀ ਦੀ ਸਥਾਪਨਾ ਹੋਈ। ਇਸ ਤੋਂ ਇਲਾਵਾ ਵਾਤਾਵਰਣ ਸੰਭਾਲ ਮੁਹਿੰਮਾਂ ਨੂੰ ਨਵੀਂ ਦਿਸ਼ਾ ਮਿਲੀ ਅਤੇ ਜ਼ਿਲ੍ਹੇ ਨੂੰ ਬੈਸਟ ਗ੍ਰੀਨ ਡਿਸਟ੍ਰਿਕਟ ਦਾ ਸਨਮਾਨ ਵੀ ਪ੍ਰਾਪਤ ਹੋਇਆ। ਉਨ੍ਹਾਂ ਨੇ ਫਸਲੀ ਵਿਭਿੰਨਤਾ, ਮਹਿਲਾ ਸਸ਼ਕਤੀਕਰਨ ਅਤੇ ਦਿਵਿਆਂਗ ਨੌਜਵਾਨਾਂ ਦੇ ਭਲੇ ਲਈ ਵੀ ਸ਼ਲਾਘਾਯੋਗ ਕੰਮ ਕੀਤੇ ਹਨ।
ਮੈਡਮ ਕੋਮਲ ਮਿੱਤਲ ਦੀ ਇਹ ਉਪਲਬਧੀ ਨਾ ਸਿਰਫ਼ ਮੋਹਾਲੀ ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੀ ਇਸ ਰਾਸ਼ਟਰੀ ਪ੍ਰਾਪਤੀ 'ਤੇ ਵੱਖ-ਵੱਖ ਸਮਾਜਿਕ, ਪ੍ਰਸ਼ਾਸਨਿਕ ਅਤੇ ਰਾਜਨੀਤਿਕ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਨਿਰੰਤਰ ਲੋਕ ਸੇਵਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।