ਸੰਗਰੂਰ, 3 ਸਤੰਬਰ:- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਬਾਰੇ ਵਿੱਢੀ ਮੁਹਿੰਮ ਅਧੀਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਚੱਠੇ ਸੇਖਵਾਂ, ਬਲਾਕ ਸੰਗਰੂਰ ਵਿਖੇ ਇੱਕ -ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਦੀ ਸਮੁੱਚੀ ਗ੍ਰਾਮ ਪੰਚਾਇਤ ਸਮੇਤ ਲੱਗਭੱਗ 80 ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਦੇ ਹੋਏ ਕਣਕ ਬੀਜਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ। ਉਹਨਾਂ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਹੋਣ ਵਾਲੇ ਫ਼ਾਇਦਿਆਂ ਅਤੇ ਮਿੱਟੀ ਦੀ ਸਿਹਤ ਵਿੱਚ ਹੋਣ ਵਾਲੇ ਸੁਧਾਰ ਸੰਬੰਧੀ ਵੀ ਦੱਸਿਆ। ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕਿਸਾਨਾਂ ਲਈ ਲਗਾਏ ਜਾ ਰਹੇ ਕਿੱਤਾਮੁਖੀ ਸਿਖਲਾਈ ਕੋਰਸਾਂ, ਮਿੱਟੀ-ਪਾਣੀ ਪਰਖ ਸੇਵਾਵਾਂ, ਸੀ.ਆਰ.ਐਮ. ਮਸ਼ੀਨਰੀ ਬੈਂਕ ਅਤੇ ਵੱਖ-ਵੱਖ ਫ਼ਸਲਾਂ ਦੇ ਤਿਆਰ ਕੀਤੇ ਜਾ ਰਹੇ ਬੀਜਾਂ, ਆਦਿ ਬਾਰੇ ਵੀ ਚਾਨਣਾ ਪਾਇਆ।
ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸੀਨਰੀ) ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚ ਸਾਂਭਦੇ ਹੋਏ ਕਣਕ ਦੀ ਬਿਜਾਈ ਲਈ ਉਪਲਬਧ ਖੇਤੀ ਮਸ਼ੀਨਰੀ ਅਤੇ ਇਸ ਦੀ ਸੁਚੱਜੀ ਵਰਤੋਂ ਬਾਬਤ ਵਿਸਤਾਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿੱਚੋਂ ਬਾਹਰ ਕੱਢ ਕੇ ਕਣਕ ਦੀ ਬਿਜਾਈ ਕਰਨ ਤੋਂ ਗ਼ੁਰੇਜ਼ ਕਰਨ ਲਈ ਵੀ ਕਿਹਾ।
ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨਾਲ ਝੋਨੇ ਦੀ ਕਾਸ਼ਤ ਵਿੱਚ ਦਰਪੇਸ਼ ਆ ਰਹੀਆਂ ਸਮੱਸਿਆਵਾਂ ਜਿਵੇਂ ਕਿ ਬੌਣਾ ਰੋਗ, ਭੂਰੇ ਪਿੱਠ ਵਾਲਾ ਟਿੱਡਾ, ਝੰਡਾ ਰੋਗ, ਹਲਦੀ ਰੋਗ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਵਿੱਚ ਪੋਟਾਸ਼ੀਅਮ ਨਾਈਟ੍ਰੇਟ (13:0:45) ਦੀ ਵਰਤੋਂ ਦੇ ਫਾਇਦਿਆਂ ਬਾਰੇ ਦੱਸਦੇ ਹੋਏ ਇਸ ਦਾ ਸਪਰੇਅ ਕਰਨ ਲਈ ਆਖਿਆ। ਉਹਨਾਂ ਕਿਹਾ ਕਿ ਜਦੋਂ ਝੋਨਾ ਗ਼ੋਭ ਵਿੱਚ ਆਵੇ ਤਾਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਪ੍ਰਤੀ ਏਕੜ) ਦਾ ਛਿੜਕਾਅ ਕਰੋ।
ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਕਿਸਾਨਾਂ ਨੂੰ ਸਰਦੀ ਰੁੱਤ ਦੀ ਘਰੇਲੂ ਸਬਜ਼ੀ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਬਜ਼ੀਆਂ ਦੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀਆਂ ਵੱਖ-ਵੱਖ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਕਿਸਾਨਾਂ ਲਈ ਤਿਆਰ ਕੀਤੀਆਂ ਜਾਂਦੀਆਂ ਸਬਜ਼ੀਆਂ ਦੀਆਂ ਪਨੀਰੀਆਂ ਸੰਬੰਧੀ ਵੀ ਜਾਣਕਾਰੀ ਦਿੱਤੀ।
ਇਸ ਕੈਂਪ ਦੇ ਅਖੀਰ ਵਿੱਚ ਕਿਸਾਨ ਵੀਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਤਿਆਰ ਸਰਦੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਮੁਹਈਆ ਕਰਵਾਈਆਂ ਗਈਆਂ।
ਕੈਂਪ ਵਿੱਚ ਪਿੰਡ ਦੇ ਸਰਪੰਚ ਸ. ਦਰਸ਼ਨ ਸਿੰਘ, ਮੈਂਬਰ ਪੰਚਾਇਤ ਸ. ਗੁਰਦੀਪ ਸਿੰਘ, ਸ਼੍ਰੀ ਪਰਮਜੀਤ ਸ਼ਰਮਾ ਅਤੇ ਨੰਬਰਦਾਰ ਅਤੇ ਸਾਬਕਾ ਸਰਪੰਚ ਸ. ਨਿਰਵੈਰ ਸਿੰਘ ਵਿਸ਼ੇਸ਼ ਤੌਰ ਉੱਤੇ ਹਜ਼ਾਰ ਰਹੇ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਸੰਗਰੂਰ ਦੀ ਟੀਮ ਦਾ ਤਹਿ-ਦਿਲੋਂ ਧੰਨਵਾਦ ਕੀਤਾ।
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਚੱਠੇ ਸੇਖਵਾਂ ਵਿਖੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ
