ਲਾਲੜੂ, 11 ਸਤੰਬਰ:- ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਜਾਰੀ ਹਨ।
ਇਸੇ ਲੜੀ ਤਹਿਤ ਡੇਰਾਬੱਸੀ ਦੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਜੀ ਵੱਲੋਂ ਅੱਜ ਲਾਲੜੂ ਵਿਖੇ ਕੁੱਲ 3 ਕਰੋੜ 41 ਲੱਖ 20 ਹਜ਼ਾਰ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਰੰਧਾਵਾ ਵੱਲੋਂ 2 ਕਰੋੜ 84 ਲੱਖ 36 ਹਜ਼ਾਰ ਰੁਪਏ ਦੀ ਲਾਗਤ ਨਾਲ ਲਾਲੜੂ ਤੋਂ ਧਰਮਗੜ੍ਹ ਰੋਡ ਦੀ ਉਸਾਰੀ ਸਮੇਤ ਸੈਣੀ ਮਾਰਕੀਟ ਤੋਂ ਮੁਖੀਜਾ ਪੈਲੇਸ ਤੱਕ 24 ਇੰਚ ਆਰ ਸੀ ਸੀ ਪਾਈਪ ਰਾਹੀਂ ਨਾਲੇ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਤੋਂ ਇਲਾਵਾ ਵਾਰਡ ਨੰਬਰ 12 ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਬ੍ਰਾਹਮਣ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ 41.84 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ 17 ਈ-ਰਿਕਸ਼ਿਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਈ-ਰਿਕਸ਼ਿਆਂ ਰਾਹੀਂ ਸ਼ਹਿਰ ਵਿੱਚ ਕੂੜਾ ਚੁੱਕਣ ਅਤੇ ਸਫ਼ਾਈ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਵਿਧਾਇਕ ਰੰਧਾਵਾ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਹੈ। ਲਾਲੜੂ ਸਮੇਤ ਪੂਰੇ ਡੇਰਾਬੱਸੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲਾਲੜੂ ਦੇ ਵਿਕਾਸ ਲਈ ਹੋਰ ਪ੍ਰਾਜੈਕਟ ਲਿਆਂਦੇ ਜਾਣਗੇ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਕੌਂਸਲਰ ਤੇ ਵਾਰਡ ਇੰਚਾਰਜ ਸਾਹਿਬਾਨ, ਅਧਿਕਾਰੀ ਸਾਹਿਬਾਨ, ਬਲਾਕ ਪ੍ਰਧਾਨ, ਵੱਖ-ਵੱਖ ਅਹੁਦੇਦਾਰ ਸਾਹਿਬਾਨ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।