ਪਟਿਆਲਾ (ਮਨਪ੍ਰੀਤ ਸਿੰਘ):- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪਟਿਆਲਾ ਇਕਾਈ ਦੀ ਮੀਟਿੰਗ ਪਿੰਡ ਬਠੋਈ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਛੰਨਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਉਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਕੋਦਰ ਪੁਲਿਸ ਪ੍ਰਸ਼ਾਸਨ ਵੱਲੋਂ ਤਲਵੰਡੀ ਸਲੇਮ ਦੇ ਸਰਪੰਚ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਅਧੀਨ ਪਰਚਾ ਦਰਜ ਕਰਨ ਦੇ ਬਾਵਜੂਦ ਉਸ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 22 ਨਵੰਬਰ ਨੂੰ ਨਕੋਦਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਅਨਾਜ ਮੰਡੀ ਥਾਣਾ ਪਟਿਆਲਾ ਵੱਲੋਂ ਇੱਕ ਮਹਿਲਾ ਵੱਲੋਂ ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੇ ਬਾਵਜੂਦ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਉਸ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ। ਇਸ ਮਾਮਲੇ ਵਿੱਚ ਡੀ.ਐਸ.ਪੀ. ਦਿਹਾਤੀ ਪਟਿਆਲਾ ਦੇ ਖ਼ਿਲਾਫ਼ 19 ਨਵੰਬਰ ਨੂੰ ਪੱਕਾ ਮੋਰਚਾ ਲਾਉਣ ਦਾ ਫੈਸਲਾ ਕੀਤਾ ਗਿਆ। ਯਾਦ ਰਹੇ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵਾਰ-ਵਾਰ ਗ੍ਰਿਫ਼ਤਾਰੀ ਦਾ ਭਰੋਸਾ ਦੇਣ ਦੇ ਬਾਵਜੂਦ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਇਸ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ।

ਮੀਟਿੰਗ ਵਿੱਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਜੋਸ਼ੀ, ਅਵਤਾਰ ਸਿੰਘ, ਪਾਤੜਾਂ ਦੇ ਪ੍ਰਧਾਨ ਸੁਰਿੰਦਰ ਸਿੰਘ, ਤਰੌੜਾ ਕਲਾਂ, ਪਟਿਆਲਾ-1 ਦੇ ਪ੍ਰਧਾਨ ਹਰਦੀਪ ਸਿੰਘ, ਡਰੋਲੀ, ਪਟਿਆਲਾ-1 ਦੇ ਸਕੱਤਰ ਜਸਵਿੰਦਰ ਸਿੰਘ, ਸਾਲੂਵਾਲ, ਨਾਭਾ ਬਲਾਕ ਪ੍ਰਧਾਨ ਬਲਜੀਤ ਸਿੰਘ, ਇਕੱਲੇ ਮਾਜਰਾ, ਹਰਜੀਤ ਸਿੰਘ ਤੋਂ ਇਲਾਵਾ ਹੋਰ ਬਲਾਕਾਂ ਦੇ ਆਗੂਆਂ ਨੇ ਵੀ ਹਿੱਸਾ ਲਿਆ।