ਸੜੋਆ, 17 ਅਗਸਤ:- ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅੱਜ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਅਤੇ ਕਰਨਵੀਰ ਕਟਾਰੀਆ ਵੀ ਮੌਜੂਦ ਸਨ।
ਸਾਲਾਨਾ ਜੋੜ ਮੇਲੇ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਇਸ ਸਾਲਾਨਾ ਜੋੜ ਮੇਲੇ ਦੌਰਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਬਹੁਤ ਹੀ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵੱਲੋਂ ਇਲਾਕੇ ਦੇ ਵਿਕਾਸ ਲਈ ਪਾਇਆ ਜਾ ਰਿਹਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਵੀ ਸੂਬੇ ਦੇ ਮਹਾਨ ਗੁਰੂਆਂ ਅਤੇ ਦੇਸ਼ ਭਗਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸੂਬੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹ ਯਤਨ ਜਾਰੀ ਰੱਖੇ ਜਾਣਗੇ।
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰ ਧਰਮ ਨਾਲ ਸਬੰਧਿਤ ਮਹਾਂਪੁਰਸ਼ਾਂ ਦੇ ਦਿਹਾੜਿਆਂ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕੀਤੀ ਜਾਵੇ ਅਤੇ ਗੁਰੂ ਸਾਹਿਬਾਨ ਅਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲੈ ਕੇ ਸੂਬੇ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਇੱਥੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵੀ ਪਹੁੰਚੇ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ ਅਤੇ ਖੂਨਦਾਨ ਕਰਕੇ ਅਸੀਂ ਕਈ ਕੀਮਤੀ ਜਾਨਾਂ ਬਚਾ ਸਕਦੇ ਹਾਂ। ਉਨ੍ਹਾਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕੈਂਪਾਂ ਵਿੱਚ ਸ਼ਾਮਲ ਹੋ ਕੇ ਖੂਨਦਾਨ ਕਰਨ ਲਈ ਅੱਗੇ ਆਉਣ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਵਿਅਕਤੀ ਦੀ ਕੀਮਤੀ ਜਾਨ ਅਤੇ ਉਸ ਦੇ ਪਰਿਵਾਰ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।