ਨਵੀਂ ਦਿੱਲੀ:- ਬਜਟ ਸੈਸ਼ਨ ਦੇ 10ਵੇਂ ਦਿਨ ਮੰਗਲਵਾਰ ਨੂੰ ਲੋਕ ਸਭਾ ਵਿੱਚ ਜ਼ਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ, ਜਿਸ ਕਾਰਨ ਕਾਰਵਾਈ ਕਈ ਵਾਰ ਰੁਕੀ। ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਵੱਖ-ਵੱਖ ਮੁੱਦਿਆਂ ’ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚਰਚਾ ਨਾ ਹੋਣ ਕਾਰਨ ਪੀ.ਸੀ. ਮੋਹਨ ਨੇ ਮਹਿਜ਼ ਇੱਕ ਮਿੰਟ ਬਾਅਦ ਹੀ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਜਦੋਂ 12 ਵਜੇ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵੀ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਜਾਰੀ ਰੱਖਿਆ।
 ਸਦਨ ਵਿਚ ਵਿਰੋਧੀ ਧਿਰਾਂ ਨੇ ਮੁੜ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੋ ਵਜੇ ਤਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਪਾਰਟੀ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਦਿੱਤਾ ਹੈ। ਇਸ ਮਤੇ ’ਤੇ 118 ਸੰਸਦ ਮੈਂਬਰਾਂ ਨੇ ਦਸਤਖਤ ਕੀਤੇ ਹਨ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਦੱਸਿਆ ਕਿ ਇਹ ਨੋਟਿਸ ਅੱਜ ਦੁਪਹਿਰ ਦੇ 1:14 ਵਜੇ ਪੇਸ਼ ਕੀਤਾ ਗਿਆ।
ਲੋਕ ਸਭਾ ਵਿਚ ਅੱਜ ਸਵੇਰ ਤੋਂ ਦੁਪਹਿਰ ਤਕ ਹੰਗਾਮਾ ਚਲਦਾ ਰਿਹਾ ਤੇ ਦੋ ਵਜੇ ਸਦਨ ਮੁੜ ਜੁੜਿਆ। ਇਸ ਮੌਕੇ ਵਿਰੋਧੀ ਧਿਰਾਂ ਨੇ ਦੋਸ਼ ਲਾਇਆ ਕਿ ਲੋਕ ਸਭਾ ਸਪੀਕਰ ਸੱਤਾਪੱਖੀਆਂ ਦੇ ਦਬਾਅ ਹੇਠ ਕੰਮ ਕਰ ਰਹੇ ਹਨ ਜਿਸ ਕਰ ਕੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ। ਭਾਜਪਾ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਲੋਕ ਸਭਾ ਸਪੀਕਰ ਦੀ ਥਾਂ ਰਾਹੁਲ ਗਾਂਧੀ ਖਿਲਾਫ਼ ਬੇਭਰੋਸਗੀ ਮਤਾ ਲਿਆਉਣਾ ਚਾਹੀਦਾ ਹੈ।
ਦੂਜੇ ਪਾਸੇ ਸਪੀਕਰ ਓਮ ਬਿਰਲਾ ਨੇ ਲੋਕ ਸਭਾ ਦੇ ਸਕੱਤਰ ਜਨਰਲ ਉਤਪਲ ਕੁਮਾਰ ਸਿੰਘ ਨੂੰ ਵਿਰੋਧੀ ਧਿਰਾਂ ਵਲੋਂ ਉਨ੍ਹਾਂ ਨੂੰ ਹਟਾਏ ਜਾਣ ਦੇ ਮਾਮਲੇ ’ਤੇ ਲਿਆਂਦੇ ਮਤੇ ਦੀ ਜਾਂਚ ਕਰਨ ਲਈ ਕਿਹਾ ਹੈ।
ਕਾਂਗਰਸ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਪੇਸ਼ ਕੀਤੇ ਗਏ ਨੋਟਿਸ ਵਿਚ ਕਿਹਾ ਗਿਆ ਹੈ ਕਿ ਕਈ ਮੌਕਿਆਂ ’ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਤੇ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਖੋਹਿਆ ਗਿਆ ਹੈ। ਇਹ ਨੋਟਿਸ ਭਾਰਤ ਦੇ ਸੰਵਿਧਾਨ ਦੇ ਅਨੁਛੇਦ 94 (ਸੀ) ਦੇ ਉਪਬੰਧ ਅਨੁਸਾਰ ਦਿੱਤਾ ਗਿਆ ਹੈ ਕਿਉਂਕਿ ਲੋਕ ਸਭਾ ਦੇ ਕੰਮਕਾਜ ਨੂੰ ਚਲਾਉਣ ਲਈ ਪੱਖਪਾਤੀ ਵਿਹਾਰ ਕੀਤਾ ਜਾ ਰਿਹਾ ਹੈ।
ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਦਨ ਵਿੱਚ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਸਦਨ ਦੇ ਬਾਹਰ ਵੀ ਸਿਆਸੀ ਪਾਰਾ ਵਧਿਆ। ਸਾਬਕਾ ਫੌਜ ਮੁਖੀ ਜਨਰਲ ਨਰਵਣੇ ਦੀ ਕਿਤਾਬ ਨਾਲ ਜੁੜੇ ਵਿਵਾਦ ’ਤੇ ਬੋਲਦਿਆਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਾਂ ਤਾਂ ਸਾਬਕਾ ਫੌਜ ਮੁਖੀ ਝੂਠ ਬੋਲ ਰਹੇ ਹਨ ਜਾਂ ਫਿਰ ਸਰਕਾਰ ਪਰ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਜਨਰਲ ਨਰਵਣੇ ਕਦੇ ਝੂਠ ਨਹੀਂ ਬੋਲਣਗੇ। ਇਸ ਬਿਆਨ ਨੇ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਚੱਲ ਰਹੀ ਖਿੱਚੋਤਾਣ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਕਾਰਨ ਬਜਟ ਸੈਸ਼ਨ ਦੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਹੰਗਾਮੇ ਦੇ ਆਸਾਰ ਹਨ।