ਚੰਡੀਗੜ੍ਹ, 22 ਨਵੰਬਰ:- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਐਤਵਾਰ ਨੂੰ ਗੁਰੂਗ੍ਰਾਮ ਦੇ ਬਾਦਸ਼ਾਹਪੁਰ ਵਿੱਚ ਮਹਾਰਿਸ਼ੀ ਕਸ਼ਯਪ ਦੀ ਮੂਰਤੀ ਦਾ ਉਦਘਾਟਨ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਮਹਾਨ ਸ਼ਖ਼ਸੀਅਤਾਂ ਦੀਆਂ ਮੂਰਤੀਆਂ ਸਿਰਫ਼ ਸਾਡੀ ਆਸਥਾ ਅਤੇ ਸ਼ਰਧਾ ਦਾ ਪ੍ਰਤੀਕ ਹੀ ਨਹੀਂ ਹੁੰਦੀਆਂ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ, ਆਦਰਸ਼ਾਂ ਅਤੇ ਜੀਵਨ ਮੁੱਲਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਮਾਧਿਅਮ ਵੀ ਹੁੰਦੀਆਂ ਹਨ। ਮਹਾਰਿਸ਼ੀ ਕਸ਼ਯਪ ਦਾ ਭਾਰਤੀ ਸੱਭਿਆਚਾਰ ਅਤੇ ਸਮਾਜ ਦੀ ਸਿਰਜਣਾ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਦੀ ਮੂਰਤੀ ਦੀ ਸਥਾਪਨਾ ਨਾਲ ਇਲਾਕੇ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਚੇਤਨਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਰਿਸ਼ੀ ਕਸ਼ਯਪ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਵਿੱਚ ਆਪਸੀ ਸਦਭਾਵਨਾ, ਏਕਤਾ, ਸਮਰਸਤਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ। ਸਾਨੂੰ ਮਹਾਨ ਸ਼ਖ਼ਸੀਅਤਾਂ ਵੱਲੋਂ ਦਿਖਾਏ ਮਾਰਗ ’ਤੇ ਚੱਲਦਿਆਂ ਸਮਾਜ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਸਾਡੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਨੂੰ ਇੱਕ ਸੂਤਰ ਵਿੱਚ ਪਰੋਣ ਦਾ ਕੰਮ ਵੀ ਕਰਦੇ ਹਨ।
ਰਾਓ ਨਰਬੀਰ ਸਿੰਘ ਨੇ ਕਿਹਾ ਕਿ ਬਾਦਸ਼ਾਹਪੁਰ ਇਲਾਕੇ ਅਤੇ ਹਰਿਆਣਾ ਦੀ ਜਨਤਾ ਨੇ ਜਿਸ ਵਿਸ਼ਵਾਸ ਅਤੇ ਵਿਕਾਸ ਦੀ ਉਮੀਦ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਲਗਾਤਾਰ ਤੀਜੀ ਵਾਰ ਸੇਵਾ ਦਾ ਮੌਕਾ ਦਿੱਤਾ ਹੈ, ਸਰਕਾਰ ਉਨ੍ਹਾਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਵਚਨਬੱਧ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਵੱਖ-ਵੱਖ ਵਿਭਾਗਾਂ ਰਾਹੀਂ ਕਈ ਵਿਕਾਸ ਕਾਰਜ ਚੱਲ ਰਹੇ ਹਨ। ਇਨ੍ਹਾਂ ਕਾਰਜਾਂ ਨੂੰ ਗਤੀ ਦੇਣ ਦੇ ਨਾਲ-ਨਾਲ ਗੁਣਵੱਤਾ ਯਕੀਨੀ ਬਣਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਲਗਭਗ 23 ਕਰੋੜ 64 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।
ਇਨ੍ਹਾਂ ਵਿੱਚ ਤਾਲਾਬ ਤੋਂ ਕਬੱਡੀ ਸਟੇਡੀਅਮ ਤੱਕ ਫੁੱਟਪਾਥ, ਸਟ੍ਰੀਟ ਲਾਈਟਾਂ, ਪਾਣੀ ਦੀ ਨਿਕਾਸੀ ਦੀ ਵਿਵਸਥਾ ਸਮੇਤ ਸੜਕ ਨਿਰਮਾਣ ਅਤੇ ਸੁੰਦਰੀਕਰਨ ਦੇ ਕਾਰਜ ਵੀ ਸ਼ਾਮਲ ਹਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਸੜਕਾਂ, ਸੀਵਰੇਜ ਅਤੇ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਸਹੂਲਤਾਂ ਵਿੱਚ ਸੁਧਾਰ ਹੋਵੇਗਾ।
