ਨਵਾਂਸ਼ਹਿਰ, 15 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਛੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।

ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਤੁਸ਼ਾਰ ਗੁਪਤਾ, ਆਈ.ਪੀ.ਐਸ. ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਰੋਜ਼ਾਨਾ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਛੇ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 74 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਐਸਐਸਪੀ ਤੁਸ਼ਾਰ ਗੁਪਤਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਬਾਰੇ ਸਥਾਨਕ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਇਲਾਜ ਵਾਸਤੇ ਦਾਖ਼ਲ ਕਰਵਾਉਣ ਵਿੱਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਲਗਾਤਾਰ ਜਾਰੀ ਰਹੇਗੀ।