ਅੰਮ੍ਰਿਤਸਰ:- ਪੰਜਾਬ 'ਚ ਲਗਾਤਾਰ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਲੜੀ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਇਨ੍ਹਾਂ ਕੋਲੋਂ 5 ਕਿਲੋ ਹੈਰੋਇਨ ਅਤੇ 15 ਨਜਾਇਜ਼ ਪਿਸਤੌਲਾਂ ਬਰਾਮਦ ਕੀਤੀਆਂ ਹਨ।  ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖਿਲਾਫ਼ ਪੁਲਸ ਸਟੇਸ਼ਨ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਗਿਰੋਹ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।