ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪੀ.ਸੀ.ਐੱਸ. ਅਧਿਕਾਰੀ ਮੇਜਰ (ਡਾ.) ਸੁਮਿਤ ਮਧ ਨੇ ਬੁੱਧਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ।

ਪੰਜਾਬ ਸਿਵਲ ਸੇਵਾਵਾਂ ਦੇ 2016 ਬੈਚ ਦੇ ਅਧਿਕਾਰੀ ਮੇਜਰ (ਡਾ.) ਸੁਮਿਤ ਮਧ ਨੇ ਅਹੁਦਾ ਸੰਭਾਲਣ ਤੋਂ ਬਾਅਦ ਸਬੰਧਤ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਾਗਰਿਕ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਦੀ ਲੰਬਿਤ ਸਥਿਤੀ ਆਦਿ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਸਮੇਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਅਤੇ ਜ਼ਿਲ੍ਹੇ ਵਿੱਚ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਬਿਹਤਰ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।

ਮੇਜਰ (ਡਾ.) ਸੁਮਿਤ ਮਧ ਇਸ ਤੋਂ ਪਹਿਲਾਂ ਕਪੂਰਥਲਾ, ਫਗਵਾੜਾ, ਬਾਬਾ ਬਕਾਲਾ ਅਤੇ ਪਠਾਨਕੋਟ ਵਿਖੇ ਐੱਸ.ਡੀ.ਐੱਮ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਲੁਧਿਆਣਾ ਵਿਖੇ ਜੁਆਇੰਟ ਕਮਿਸ਼ਨਰ ਅਤੇ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਰਫ਼ਤਾਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਮੇਂ ਅੰਦਰ ਸਾਰੇ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਢੰਗ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ।