ਅੰਮ੍ਰਿਤਸਰ:- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 10 ਗੈਰ-ਕਾਨੂੰਨੀ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ, ਚੱਲ ਰਹੇ ਆਪ੍ਰੇਸ਼ਨ ਦੌਰਾਨ 109 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਨਾਜਾਇਜ਼ ਹਥਿਆਰ ਮੁਹੱਈਆ ਕਰਵਾਉਣ ਵਿੱਚ ਮਦਦ ਕਰਦੇ ਸਨ।
ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ ਅਤੇ ਥਾਣਾ ਭਿੰਡੀ ਸੈਦਾ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪਿੱਛੇ ਅਤੇ ਅੱਗੇ ਦੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
