ਜੈਤੋ, 28 ਨਵੰਬਰ: ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਆਸਾਮੀਆਂ ਅਤੇ ਬਹੁਤ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ ਮੁੱਖ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਰਕੇ ਜਿੱਥੇ ਸਰਕਾਰੀ ਕੰਮ ਕਾਜ ਪ੍ਰਭਾਵਿਤ ਹੋ ਰਿਹਾ ਹੈ, ਇਸ ਦੇ ਨਾਲ ਹੀ ਹੋਰਨਾਂ ਸਕੂਲਾਂ ਵਿੱਚ ਮੌਜੂਦ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਹਰ ਰੋਜ਼ ਪ੍ਰੇਸ਼ਾਨ ਵੀ ਹੈ ਰਹੇ ਹਨ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਵੀ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਤੋਂ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ਵੀ ਖੋਖਲੇ ਸਾਬਿਤ ਹੁੰਦੇ ਦਿਖਾਈ ਦੇ ਰਹੇ ਹਨ। ਇਸ ਸਬੰਧ ਵਿੱਚ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ , ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਕਿਹਾ ਹੈ ਕਿ ਸਕੂਲ ਮੁਖੀਆਂ ਦੀਆਂ ਅਸਾਮੀਆਂ ਖਾਲੀ ਹੋਣ ਕਾਰਨ ਜਿੱਥੇ ਸਕੂਲ ਦਾ ਪ੍ਰਬੰਧ ਅਤੇ ਸਰਕਾਰੀ ਡਾਕਾਂ ਸਬੰਧੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ।
ਉੱਥੇ ਨਾਲ ਹੀ ਸੀਨੀਅਰ ਇਨਚਾਰਜ ਅਧਿਆਪਕਾਂ ਨੂੰ ਵੀ ਆਪਣੇ ਪੜ੍ਹਾਈ ਦੇ ਪੀਰੀਅਡਾਂ ਦੇ ਨਾਲ ਨਾਲ ਗੈਰ ਵਿਦਿਅਕ ਕੰਮਾਂ ਵਿੱਚ ਵੀ ਆਪਣਾ ਸਮਾਂ ਲਗਾਉਣਾ ਪੈਂਦਾ ਹੈ। ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਵੀ ਮਾੜਾ ਅਸਰ ਪੈਂਦਾ ਹੈ। ਜਥੇਬੰਦੀ ਨੇ ਸਿੱਖਿਆ ਮੰਤਰੀਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਕੂਲ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਦੀਆਂ ਪ੍ਰਮੋਸ਼ਨ ਕੋਟੇ ਦੀਆਂ ਅਸਾਮੀਆਂ ਜਲਦੀ ਤੋਂ ਜਲਦੀ ਯੋਗ ਅਧਿਆਪਕਾਂ ਦੀ ਪ੍ਰਮੋਸ਼ਨ ਕਰਕੇ ਭਰੀਆਂ ਜਾਣ।
ਤੇ ਇਸ ਤੋਂ ਇਲਾਵਾ ਸਿੱਧੀ ਭਰਤੀ ਦੀਆਂ ਬਣਦੀਆਂ ਅਸਾਮੀਆਂ ਵੀ ਸਿੱਧੀ ਭਰਤੀ ਰਾਹੀਂ ਭਰੀਆਂ ਜਾਣ। ਜੇਕਰ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਅਸਲ ਸੁਧਾਰ ਕਰਨਾ ਚਾਹੁੰਦੀ ਹੈ ਤਾਂ ਤੁਰੰਤ ਡੰਗ ਟਪਾਉਣ ਦੀ ਨੀਤੀ ਛੱਡ ਕੇ ਸਾਰੀਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ।
