ਹੁਸ਼ਿਆਰਪੁਰ:- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤੰਬਰ ਨੂੰ ਸਵੇਰੇ 7 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਮੈਰਾਥਨ ਈਵੈਂਟ ਕਰਵਾਇਆ ਜਾ ਰਿਹਾ ਹੈ।
       ਇਸ ਸਬੰਧੀ ਅੱਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜ) ਸੁਮੀਤ ਮੁਧ ਵਲੋਂ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਮੈਰਾਥਨ ਦਾ ਮੁੱਖ ਮਕਸਦ ਗੁਰੂ ਸਾਹਿਬ ਦੇ ਸਮਾਨਤਾ, ਆਪਸੀ ਭਾਈਚਾਰਕ ਸਾਂਝ, ਪ੍ਰੇਮ ਅਤੇ ਮਾਨਵਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।
    ਮੈਰਾਥਨ ਦੇ ਰੂਟ ਅਤੇ ਸਮੇਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਦੌੜ ਸਵੇਰੇ 7:00 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਤੋਂ ਸ਼ੁਰੂ ਹੋ ਕੇ ਭੰਗੀ ਚੋਅ ਕਰਾਸ,ਭੂੰਮੀ ਰੱਖਿਆ ਦਫ਼ਤਰ (ਭਗਤ ਨਗਰ ਊਨਾ ਰੋਡ), ਮਾਤਾ ਚਿੰਤਪੂਰਨੀ ਗੇਟ, ਭਗਵਾਨ ਵਾਲਮੀਕਿ ਚੌਕ, ਨਲੋਈਆਂ ਚੌਕ ਰੋਡ ਅਤੇ ਟਾਂਡਾ ਬਾਈਪਾਸ ਤੋਂ ਹੁੰਦੀ ਹੋਈ ਵਾਪਸ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਦੌੜ ਦੌਰਾਨ ਭਾਗ ਲੈਣ ਵਾਲਿਆਂ ਦੀ ਸੁਰੱਖਿਆ ਅਤੇ ਸਿਹਤ ਸਹੂਲਤਾਂ ਲਈ ਰੂਟ ਦੇ ਨਾਲ-ਨਾਲ ਪੀਣ ਵਾਲੇ ਪਾਣੀ, ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਖੇਡ ਪ੍ਰੇਮੀ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਸਹਾਇਕ ਕਮਿਸ਼ਨਰ ਸੁਮੀਤ ਮੁਧ ਨੇ ਅੱਗੇ ਦੱਸਿਆ ਕਿ ਇਸ ਮੈਰਾਥਨ ਵਿੱਚ ਭਾਗ ਲੈਣ ਲਈ ਕੋਈ ਉਮਰ ਸੀਮਾ ਨਹੀਂ ਰੱਖੀ ਗਈ ਹੈ। ਇਸ ਵਿੱਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਨੌਜਵਾਨ, ਬਜ਼ੁਰਗ ਅਤੇ ਔਰਤਾਂ ਸਮੇਤ ਕੋਈ ਵੀ ਆਮ ਨਾਗਰਿਕ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਈਵੈਂਟ ਸਭ ਲਈ ਪੂਰੀ ਤਰ੍ਹਾਂ ਖੁੱਲ੍ਹਾ ਹੈ ਅਤੇ ਇਸ ਦਾ ਮਕਸਦ ਲੋਕਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਵੀ ਹੈ।
ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਸਕੂਲ ਪ੍ਰਬੰਧਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਪਰਿਵਾਰਾਂ ਸਮੇਤ ਵੀਰਵਾਰ 3 ਸਤੰਬਰ ਨੂੰ ਸਵੇਰੇ 7:00 ਵਜੇ ਸਟੇਡੀਅਮ ਪਹੁੰਚ ਕੇ ਇਸ ਮੈਰਾਥਨ ਈਵੈਂਟ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਦੇ ਸਮਾਨਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਰਾਥਨ ਦੌਰਾਨ ਟ੍ਰੈਫਿਕ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਦੌੜਾਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਰੂਟ 'ਤੇ ਢੁੱਕਵੀਂ ਫੋਰਸ ਤਾਇਨਾਤ ਕੀਤੀ ਜਾਵੇਗੀ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਅਜਿਹੇ ਸਕਾਰਾਤਮਕ ਉਪਰਾਲਿਆਂ ਨਾਲ ਜੁੜਨ ਦਾ ਸੁਨੇਹਾ ਦਿੰਦਿਆਂ ਮੈਰਾਥਨ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ 'ਤੇ ਆਰਟੀਓ ਅਮਨਦੀਪ ਕੌਰ ਘੁੰਮਣ, ਜ਼ਿਲਾ ਖੇਡ ਅਫ਼ਸਰ ਸੁਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਅਤੇ ਹੋਰ ਵਿਭਾਗਾਂ ਦੇ ਅਫ਼ਸਰ ਵੀ ਮੌਜੂਦ ਸਨ।