ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ:- ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ ਸਬੰਧੀ ਜਾਣਕਾਰੀ ਦਿਤੀ ਗਈ। ਜ਼ਿਕਰਯੋਗ ਹੈ ਕਿ ਹਰ ਗਰਭਵਤੀ ਔਰਤ ਦੇ ਚਾਰ ਏ.ਐੱਨ.ਸੀ. ਚੈਕਅੱਪ ਜ਼ਰੂਰੀ ਹਨ ਜਿਹੜੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।
ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦਸਿਆ ਕਿ ਇਸ ਪ੍ਰੋਗਰਾਮ ਤਹਿਤ ਹਰ ਮਹੀਨੇ ਦੀ 9 ਤਰੀਕ ਤੇ 23 ਤਰੀਕ ਨੂੰ ਗਰਭਵਤੀ ਔਰਤਾਂ ਖ਼ਾਸਕਰ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਜਾਂਚ ਕਰਨਾ ਅਤੇ ਹਾਈ-ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸਹੀ ਇਲਾਜ ਪ੍ਰਦਾਨ ਕਰਨਾ ਹੈ।
ਸਿਹਤ ਅਧਿਕਾਰੀਆਂ ਨੇ ਆਮ ਲੋਕਾਂ ਖ਼ਾਸਕਰ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਲਾਮਤੀ ਲਈ ਕਦੇ ਵੀ ਗੈਰ-ਸਿੱਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੋਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।
ਸਿਹਤ ਅਧਿਕਾਰੀਆਂ ਨੇ ਆਖਿਆ ਕਿ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਸੂਬਾਈ ਅਤੇ ਕੇਂਦਰੀ ਸਿਹਤ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ । ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫ਼ਰੈਸ਼ਮੈਂਟ ਵੀ ਦਿਤੀ ਗਈ।
ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ ਸਿਵਲ ਸਰਜਨ ਵਲੋਂ ਔਰਤਾਂ ਨੂੰ ਸਰਕਾਰੀ ਹਸਪਤਾਲਾਂ ਚ ਜਣੇਪਾ ਕਰਵਾਉਣ ਦੀ ਅਪੀਲ
