ਹੁਸ਼ਿਆਰਪੁਰ/ਦਲਜੀਤ ਅਜਨੋਹਾ:- ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਲਾਜਵੰਤੀ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। 29 ਨਵੰਬਰ ਨੂੰ ਹੋਣ ਵਾਲੇ ਇਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਏਡੀਸੀ ਦਸੂਹਾ ਅਤੇ ਆਰਟੀਓ ਅਮਨਦੀਪ ਕੌਰ ਘੁੰਮਣ, ਨਗਰ ਨਿਗਮ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਂਸ ਅਤੇ ਐਸਡੀਐਮ ਪਰਮਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਪਤੀ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਰੱਖਿਆ ਪ੍ਰਬੰਧਾਂ, ਸਫ਼ਾਈ, ਮੈਡੀਕਲ ਟੀਮਾਂ ਦੀ ਤਾਇਨਾਤੀ, ਸੱਭਿਆਚਾਰਕ ਪ੍ਰੋਗਰਾਮਾਂ, ਪਾਰਕਿੰਗ ਪ੍ਰਬੰਧ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।

ਅਧਿਕਾਰੀਆਂ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰੋਹ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣ। ਖਿਡਾਰੀਆਂ, ਦਰਸ਼ਕਾਂ ਅਤੇ ਸਮਾਰੋਹ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਬਿਹਤਰ ਢੰਗ ਨਾਲ ਯਕੀਨੀ ਬਣਾਏ ਜਾਣ।

ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਪਤੀ ਸਮਾਰੋਹ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਪੂਰੀ ਗੰਭੀਰਤਾ ਨਾਲ ਨਿਭਾਉਣ, ਤਾਂ ਜੋ 29 ਨਵੰਬਰ ਨੂੰ ਸਮਾਰੋਹ ਸ਼ਾਨਦਾਰ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।