ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2026:-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਦਿੱਤਿਆ ਡਚਲਵਾਲ ਵੱਲੋਂ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਨੂੰ ਦੱਸਿਆ ਗਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮੁੱਢਲੀ ਵੋਟਰ ਸੂਚੀ ਅੱਜ 12 ਨਵੰਬਰ 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਰਜ ਕਰਵਾਏ ਜਾ ਸਕਦੇ ਹਨ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਤਿੰਨ ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚ 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਸ਼ਾਮਲ ਹਨ। ਇਨ੍ਹਾਂ ਹਲਕਿਆਂ ਵਿੱਚ ਕੁੱਲ 936 ਪੋਲਿੰਗ ਸਟੇਸ਼ਨ ਹਨ। ਮੁੱਢਲੀ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿੱਚ ਕੁੱਲ 7,47,569 ਵੋਟਰ ਹਨ, ਜਿਨ੍ਹਾਂ ਵਿੱਚ 3,78,243 ਪੁਰਸ਼, 3,69,314 ਮਹਿਲਾਵਾਂ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਜਾਂ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 6, 6ਏ, 7 ਅਤੇ 8 ਭਰੇ ਜਾ ਸਕਦੇ ਹਨ। ਇਹ ਫਾਰਮ ਵੋਟਰ ਪੋਰਟਲ ਅਤੇ ਈਸੀਆਈਨੈੱਟ (ECINET) ਐਪ ਰਾਹੀਂ ਆਨਲਾਈਨ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਢਲੀ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਵਿਧਾਨ ਸਭਾ ਹਲਕਾ 52-ਖਰੜ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2,65,702, ਵਿਧਾਨ ਸਭਾ ਹਲਕਾ 53-ਐੱਸ.ਏ.ਐੱਸ. ਨਗਰ ਵਿੱਚ 2,02,010 ਅਤੇ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿੱਚ 2,79,857 ਹੈ। ਇਸ ਤਰ੍ਹਾਂ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਕੁੱਲ ਵੋਟਰਾਂ ਦੀ ਗਿਣਤੀ 7,47,569 ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੇ ਦੇਖਣ ਲਈ ਇਹ ਵੋਟਰ ਸੂਚੀਆਂ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.), 52-ਖਰੜ, 53-ਐੱਸ.ਏ.ਐੱਸ. ਨਗਰ ਅਤੇ 112-ਡੇਰਾਬੱਸੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਅਤੇ ਜ਼ਿਲ੍ਹਾ ਚੋਣ ਦਫ਼ਤਰ, ਐੱਸ.ਏ.ਐੱਸ. ਨਗਰ ਵਿੱਚ ਉਪਲਬਧ ਰਹਿਣਗੀਆਂ।
ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੌਰਾਨ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵਾਲੀਆਂ ਵੋਟਰ ਸੂਚੀਆਂ ਦੀ ਇੱਕ-ਇੱਕ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀਆਂ ਵੋਟਰ ਸੂਚੀਆਂ ਦੀ ਇੱਕ-ਇੱਕ ਸੀਡੀ ਮੁਹੱਈਆ ਕਰਵਾਈ ਗਈ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਵਿਅਕਤੀ ਦੀ ਵੋਟ ਅਜੇ ਤੱਕ ਨਹੀਂ ਬਣੀ, ਤਾਂ ਉਹ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਆਪਣਾ ਫਾਰਮ ਨੰਬਰ 6 ਸਬੰਧਤ ਬੀ.ਐੱਲ.ਓ., ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਆਨਲਾਈਨ ਪੋਰਟਲ ਰਾਹੀਂ ਭਰ ਸਕਦਾ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸ੍ਰੀ ਬਹਾਦਰ ਸਿੰਘ ਚਹਿਲ, ਸ੍ਰੀ ਰਘਬੀਰ ਸਿੰਘ, ਸ੍ਰੀ ਜਸਵੰਤ ਸਿੰਘ, ਸ੍ਰੀ ਅਸ਼ੋਕ ਕੁਮਾਰ, ਸ੍ਰੀ ਗੁਰਦੀਪ ਸਿੰਘ, ਸ੍ਰੀ ਬਲਜਿੰਦਰ ਸਿੰਘ; ਕਾਂਗਰਸ ਵੱਲੋਂ ਸ੍ਰੀ ਨਵਤੇਜ ਅਤੇ ਸ੍ਰੀ ਪ੍ਰਦੀਪ ਸਿੰਘ; ਸੀ.ਪੀ.ਆਈ. ਵੱਲੋਂ ਸ੍ਰੀ ਮਹਿੰਦਰ ਪਾਲ ਸਿੰਘ; ਅਕਾਲੀ ਦਲ ਵੱਲੋਂ ਸ੍ਰੀ ਭਰਪੂਰ ਭਾਰਤੀ; ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਅਨਿਲ ਕੁਮਾਰ; ਸ਼੍ਰੀਮਤੀ ਹਰਪ੍ਰੀਤ ਕੌਰ, ਚੋਣ ਤਹਿਸੀਲਦਾਰ ਸ੍ਰੀ ਸੁਰਿੰਦਰ ਕੁਮਾਰ ਅਤੇ ਹੋਰ ਸਟਾਫ਼ ਮੌਜੂਦ ਸੀ।
