ਸੰਗਰੂਰ, 9 ਅਕਤੂਬਰ:- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਵਿਖੇ ‘ਮੈਗਾ ਪੀ.ਟੀ.ਐਮ.’ (ਮਾਪੇ-ਅਧਿਆਪਕ ਮਿਲਣੀ) ਉਤਸ਼ਾਹ ਨਾਲ ਕਰਵਾਈ ਗਈ। ਇਸ ਮੌਕੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸਕੂਲ ਦੇ ਹੈੱਡ ਟੀਚਰ ਜਗਦੀਸ਼ ਸਿੰਘ ਗੱਗੜਪੁਰ ਨੇ ਦੱਸਿਆ ਕਿ ਇਸ ਮਿਲਣੀ ਦੌਰਾਨ ਅਧਿਆਪਕਾਂ ਅਤੇ ਮਾਪਿਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਬੱਚਿਆਂ ਦੇ ਸਰਵਪੱਖੀ ਵਿਕਾਸ, ਜਿਸ ਵਿੱਚ ਪੜ੍ਹਾਈ, ਸਿਹਤ ਅਤੇ ਸਦਾਚਾਰਕ ਗੁਣ ਸ਼ਾਮਲ ਹਨ, ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਧੁਨਿਕ ਸਹੂਲਤਾਂ, ਜਿਵੇਂ ਸਮਾਰਟ ਕਲਾਸਰੂਮ, ਮਿਆਰੀ ਸਿੱਖਿਆ, ਵਜ਼ੀਫ਼ੇ ਅਤੇ ਹੋਰ ਭਲਾਈ ਸਕੀਮਾਂ ਬਾਰੇ ਮਾਪਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਮਾਪਿਆਂ ਨੇ ਸਕੂਲ ਵਿੱਚ ਚੱਲ ਰਹੀਆਂ ਵਿਦਿਅਕ ਗਤੀਵਿਧੀਆਂ ਅਤੇ ਬੱਚਿਆਂ ਦੀ ਤਰੱਕੀ ’ਤੇ ਤਸੱਲੀ ਪ੍ਰਗਟ ਕਰਦਿਆਂ ਸਰਕਾਰ ਅਤੇ ਸਕੂਲ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਹੈੱਡ ਟੀਚਰ ਨੇ ਕਿਹਾ ਕਿ ਸਕੂਲ ਦਾ ਸਮੁੱਚਾ ਸਟਾਫ਼ ਬੱਚਿਆਂ ਦੇ ਬਿਹਤਰ ਭਵਿੱਖ ਲਈ ਲਗਾਤਾਰ ਕੰਮ ਕਰਦਾ ਰਹਿੰਦਾ ਹੈ।
