ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ:- ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਨਾਲ ਸੂਬੇ ਦੇ ਲਗਭਗ 8,500 ਦੁਕਾਨਦਾਰਾਂ ਨੂੰ ਕਿਰਾਏ ’ਤੇ ਚੱਲ ਰਹੀਆਂ ਸਰਕਾਰੀ ਦੁਕਾਨਾਂ ਦਾ ਲਾਭ ਮਿਲਣ ਦੀ ਉਮੀਦ ਹੈ।

ਇਹ ਸਮੀਖਿਆ ਮੀਟਿੰਗ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੰਮ ਕਰ ਰਹੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਮਿਸ਼ਨ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਅਨਿਲ ਠਾਕੁਰ ਨੇ ਦੱਸਿਆ ਕਿ ਸੂਬੇ ਭਰ ਵਿੱਚ ਜ਼ਿਲ੍ਹਾ ਵਪਾਰੀ ਕਮਿਸ਼ਨਾਂ ਵੱਲੋਂ ਲਗਭਗ 800 ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਦੌਰਾਨ ਕਰੀਬ 7,000 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਲਗਭਗ 1,000 ਸ਼ਿਕਾਇਤਾਂ ਹਾਲੇ ਪ੍ਰਕਿਰਿਆ ਅਧੀਨ ਹਨ।

ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਉਪ ਚੇਅਰਮੈਨ ਨੇ ਵਿਸ਼ੇਸ਼ ਤੌਰ ’ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.), ਗਮਾਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਲੰਬਿਤ ਸ਼ਿਕਾਇਤਾਂ ਦਾ ਬਿਨਾਂ ਹੋਰ ਦੇਰੀ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਅੱਗੇ ਦੱਸਿਆ ਕਿ ਖੇਤਰੀ ਪੱਧਰ ’ਤੇ ਹੋਈਆਂ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵੱਲੋਂ ਸਥਾਨਕ ਬੁਨਿਆਦੀ ਢਾਂਚੇ ਦੇ ਸੁਧਾਰ ਲਈ 40 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਰਾਸ਼ੀ ਨਾਲ ਸਟਰੀਟ ਲਾਈਟਾਂ ਵਿੱਚ ਸੁਧਾਰ, ਪਾਰਕਿੰਗ ਸਹੂਲਤਾਂ ਦੀ ਮੁਰੰਮਤ ਅਤੇ ਹੋਰ ਜ਼ਰੂਰੀ ਸਥਾਨਕ ਸਹੂਲਤਾਂ ਨੂੰ ਬਿਹਤਰ ਬਣਾਇਆ ਜਾਵੇਗਾ। ਇਨ੍ਹਾਂ ਕਾਰਜਾਂ ਲਈ ਹਰੇਕ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦਿੱਤੇ ਗਏ ਹਨ ਅਤੇ ਇਹ ਕੰਮ ਅਗਲੇ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਹੈ।

ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਸ਼ਿਕਾਇਤਾਂ ਦੇ ਹੱਲ ਲਈ ਨਿਯਮਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਲੰਬਿਤ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਕੋਲ ਉਠਾ ਕੇ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਜ਼ਿਲ੍ਹਾ ਵਪਾਰੀ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਮੋਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਖਰੜ ਦੇ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਡੇਰਾਬੱਸੀ ਤੋਂ ਕਮਿਸ਼ਨ ਦੇ ਮੈਂਬਰ ਗਗਨਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।