ਪਟਿਆਲਾ (ਮਨਪ੍ਰੀਤ ਸਿੰਘ):- ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਹਲਕਾ ਸਮਾਣਾ ਦੇ ਪਿੰਡ ਅਲੀਸ਼ੇਰ ਵਿੱਚ ਉਨ੍ਹਾਂ ਮਨਰੇਗਾ ਵਰਕਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨਾਲ ਇੱਕ ਬਹੁਤ ਹੀ ਦੁਖਦਾਈ ਹਾਦਸਾ ਵਾਪਰਿਆ ਸੀ। ਇਸ ਘਟਨਾ ਵਿੱਚ ਕਈ ਲੋਕ ਆਪਣੀ ਜਾਨ ਗੁਆ ਬੈਠੇ, ਜਿਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਹ ਸਭ ਦੇਖ ਕੇ ਮਨ ਨੂੰ ਬਹੁਤ ਧੱਕਾ ਲੱਗਿਆ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ’ਤੇ ਮਿਹਰ ਬਣਾਈ ਰੱਖਣ ਅਤੇ ਅਜਿਹੀ ਘਟਨਾ ਮੁੜ ਨਾ ਵਾਪਰੇ।
ਮਨਪ੍ਰੀਤ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕੰਮ ਸਹੀ ਢੰਗ ਨਾਲ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤ ਕੇ ਕਰਵਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸਰਕਾਰ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਦਿੱਤੇ ਜਾ ਰਹੇ ਦੋ ਲੱਖ ਰੁਪਏ ਦੇ ਮੁਆਵਜ਼ੇ ’ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਦੁੱਖ ਦੇ ਸਾਹਮਣੇ ਇਹ ਰਕਮ ਇੱਕ ਕੋਝੇ ਮਜ਼ਾਕ ਵਾਂਗ ਜਾਪਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੁਆਵਜ਼ਾ ਵਧਾ ਕੇ 50 ਲੱਖ ਰੁਪਏ ਕੀਤਾ ਜਾਵੇ ਅਤੇ ਹਰੇਕ ਪ੍ਰਭਾਵਿਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਸ ਦੁੱਖ ਦੀ ਘੜੀ ਵਿੱਚ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਯੋਗੀਪੁਰ, ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ, ਜਸਵਿੰਦਰ ਸਿੰਘ ਅਤੇ ਦਰਬਾਰਾ ਸਿੰਘ ਵੀ ਮਨਪ੍ਰੀਤ ਸਿੰਘ ਦੇ ਨਾਲ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
