ਅੰਬਾਲਾ, 24 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ’ਤੇ ਹਮਲਾ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਜ ਨੇ ਕਿਹਾ, “ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਗੁਰੂ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਅਤੇ ਹੁਣ ਚੇਲੇ (ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ) ਦੀ ਵਾਰੀ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਵਿੱਚ “100 ਫ਼ੀਸਦੀ” ਸਰਕਾਰ ਬਣਾਏਗਾ।
ਸ੍ਰੀ ਵਿਜ ਮੀਡੀਆ ਕਰਮੀਆਂ ਵੱਲੋਂ ਪੰਜਾਬ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ।
ਵਿਜ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕੱਠੇ ਹੋਣਾ ਪੰਜਾਬ ਦੇ ਲੋਕਾਂ ਦੀ ਆਵਾਜ਼ ਹੈ। ਉਨ੍ਹਾਂ ਅਨੁਸਾਰ ਇਹ ਗੱਠਜੋੜ ਸੂਬੇ ਨੂੰ ‘ਆਪ’ ਦੇ ਕਥਿਤ ਜੰਗਲ ਰਾਜ ਤੋਂ ਮੁਕਤ ਕਰਵਾਉਣ ਲਈ ਜ਼ਰੂਰੀ ਸੀ ਅਤੇ ਇਹ ਗੱਠਜੋੜ ਬਿਨਾਂ ਸ਼ੱਕ ਪੰਜਾਬ ਵਿੱਚ ਸਰਕਾਰ ਬਣਾਏਗਾ।
2027 ਦੀਆਂ ਪੰਜਾਬ ਚੋਣਾਂ ਬਾਰੇ ਵਿਜ ਨੇ ਦਾਅਵਾ ਕੀਤਾ ਕਿ ਜਿੱਤ ਦਾ ਇਹ ਸਿਲਸਿਲਾ ਹਰਿਆਣਾ ਤੋਂ ਸ਼ੁਰੂ ਹੋਇਆ ਸੀ ਅਤੇ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਉਨ੍ਹਾਂ ਕਿਹਾ, “ਹਰਿਆਣਾ, ਫਿਰ ਦਿੱਲੀ, ਬਿਹਾਰ, ਬੰਗਾਲ ਅਤੇ ਅਸਾਮ ਵਿੱਚ ਜਿੱਤਣ ਤੋਂ ਬਾਅਦ ਹੁਣ ਅਸੀਂ ਪੰਜਾਬ ਵਾਪਸ ਆ ਗਏ ਹਾਂ।” ਉਨ੍ਹਾਂ ਕਿਹਾ ਕਿ ਇਸ ਦੇਸ਼ ਵਿੱਚ ਆਮ ਆਦਮੀ ਪਾਰਟੀ ਲਈ ਸਭ ਕੁਝ ਖ਼ਤਮ ਹੋ ਗਿਆ ਹੈ।
