ਹੁਸ਼ਿਆਰਪੁਰ, 25 ਜੁਲਾਈ 2026:- ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰੇਲਵੇ ਮੰਡੀ ਵਿੱਚ ਆਯੋਜਿਤ ਸਮਾਗਮ ਦੌਰਾਨ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਸਿੱਖਿਆ ਪ੍ਰਤੀ ਸਮਰਪਿਤ ਰਹਿਣ ਅਤੇ ਆਪਣੇ ਉੱਜਵਲ ਭਵਿੱਖ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਿੱਖਿਆ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਕੂਲ ਬੈਗ ਵੰਡਣ ਵਰਗੀਆਂ ਪਹਿਲਾਂ ਨਾ ਸਿਰਫ਼ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੀਆਂ ਹਨ, ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਸਾਧਨਾਂ ਦੀ ਘਾਟ ਕਾਰਨ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕੀਤੇ ਹਨ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਇਆ ਗਿਆ ਹੈ। ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਬਿਹਤਰ ਫਰਨੀਚਰ, ਸਾਫ਼-ਸੁਥਰਾ ਮਾਹੌਲ ਅਤੇ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਦੇ ਨਾਲ ਹੀ ਅਧਿਆਪਕਾਂ ਦੀ ਸਿਖਲਾਈ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਗੁਣਵੱਤਾ ਭਰਪੂਰ ਸਿੱਖਿਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਧ ਰਹੀਆਂ ਸਹੂਲਤਾਂ ਅਤੇ ਬਿਹਤਰ ਸਿੱਖਿਆਕ ਮਾਹੌਲ ਕਾਰਨ ਮਾਪਿਆਂ ਦਾ ਭਰੋਸਾ ਵੀ ਮਜ਼ਬੂਤ ਹੋਇਆ ਹੈ। ਇਸ ਦਾ ਨਤੀਜਾ ਹੈ ਕਿ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦਾ ਲਾਭ ਆਉਣ ਵਾਲੇ ਸਾਲਾਂ ਵਿੱਚ ਹੋਰ ਵੱਧ ਦੇਖਣ ਨੂੰ ਮਿਲੇਗਾ ਅਤੇ ਸੂਬੇ ਦੇ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਨੂੰ ਵੰਡੇ ਸਕੂਲ ਬੈਗ
