ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਮਾਨਵਤਾ ਮੰਦਰ ਸਕੂਲ ਦਾ ਦੌਰਾ ਕਰਕੇ ਸਕੂਲ ਦੇ ਬੱਚਿਆਂ, ਅਧਿਆਪਕਾਂ ਅਤੇ ਸੰਸਥਾ ਦੇ ਕਰਮਚਾਰੀਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਸੁਖ, ਖੁਸ਼ਹਾਲੀ ਅਤੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਇਸ ਦੌਰਾਨ ਵਿਧਾਇਕ ਨੇ ਬੱਚਿਆਂ ਨਾਲ ਪਿਆਰ ਅਤੇ ਆਪਣੇਪਣ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਪੜ੍ਹਾਈ, ਰੁਚੀਆਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਬੱਚਿਆਂ ਨੂੰ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ਸਮਝਾਉਂਦਿਆਂ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਚੰਗੀ ਪਰਵਰਿਸ਼, ਸਿੱਖਿਆ ਅਤੇ ਸਰਵਪੱਖੀ ਵਿਕਾਸ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਸਕੂਲ ਦੇ ਅਧਿਆਪਕਾਂ ਅਤੇ ਸੰਸਥਾ ਦੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਅਤੇ ਸੇਵਾ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਸੰਸਥਾਵਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਸਮਰਪਣ, ਮਿਹਨਤ ਅਤੇ ਮਨੁੱਖੀ ਨਜ਼ਰੀਆ ਬੱਚਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ।
ਉਨ੍ਹਾਂ ਸਾਰੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕੰਮਾਂ ਲਈ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਪ੍ਰਸ਼ੰਸਾਯੋਗ ਹਨ। ਉਨ੍ਹਾਂ ਕਾਮਨਾ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ, ਨਵਾਂ ਉਤਸ਼ਾਹ ਅਤੇ ਸਕਾਰਾਤਮਕ ਊਰਜਾ ਲੈ ਕੇ ਆਵੇ।
