ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ:- ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਗਈਆਂ ਮੈਗਾ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ, ਡੇਰਾਬੱਸੀ; ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲਾਲੜੂ; ਅਤੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲੋਹਗੜ੍ਹ ਵਿਖੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।

ਮਿਲਣੀਆਂ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ, ਵਿਦਿਅਕ ਕਾਰਗੁਜ਼ਾਰੀ ਅਤੇ ਸਮੁੱਚੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ।

ਇਸ ਮੌਕੇ ਮਾਪਿਆਂ ਨੂੰ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੇ ਵਿਹਾਰ, ਸੰਗਤ ਅਤੇ ਗਤੀਵਿਧੀਆਂ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ।

ਵਿਧਾਇਕ ਨੇ ਕਿਹਾ ਕਿ ਬੱਚਿਆਂ ਦਾ ਸੁਨਹਿਰੀ ਭਵਿੱਖ ਸੁਰੱਖਿਅਤ ਬਣਾਉਣ, ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ, ਸਕੂਲਾਂ ਅਤੇ ਮਾਪਿਆਂ ਦਾ ਸਾਂਝਾ ਯੋਗਦਾਨ ਲਾਜ਼ਮੀ ਹੈ।