ਲਾਲੜੂ, 19 ਨਵੰਬਰ:- ਹਲਕਾ ਡੇਰਾਬੱਸੀ ਦੇ ਪੇਂਡੂ ਖੇਤਰਾਂ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ 11.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਜੜੋਤ ਤੋਂ ਰਾਮਪੁਰ ਸੈਣੀਆਂ ਤੱਕ 23.20 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ।

ਇਸ ਸੜਕ ਦੇ ਬਣਨ ਨਾਲ ਜੜੋਤ, ਮੀਰਪੁਰ, ਜੌਲਾ ਕਲਾਂ, ਜਿਓਲੀ, ਪੁਨਸਰ, ਖੇੜੀ ਜੱਟਾਂ, ਸਮਗੌਲੀ, ਫਤਿਹਪੁਰ, ਬੇਹੜਾ ਅਤੇ ਰਾਮਪੁਰ ਸੈਣੀਆਂ ਸਮੇਤ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਸੜਕ ਦੀ ਖ਼ਾਸ ਗੱਲ ਇਹ ਹੈ ਕਿ ਨਿਰਮਾਣ ਤੋਂ ਬਾਅਦ ਪੰਜ ਸਾਲਾਂ ਤੱਕ ਇਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਗਈ ਹੈ, ਜਿਸ ਨਾਲ ਸੜਕ ਦੀ ਦੇਖਭਾਲ ਯਕੀਨੀ ਬਣਾਈ ਜਾ ਸਕੇਗੀ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬਿਹਤਰ ਸੜਕੀ ਸੰਪਰਕ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਅਹਿਮ ਕੜੀ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਬਿਹਤਰ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ, ਵਪਾਰ ਅਤੇ ਹੋਰ ਕੰਮਾਂ ਵਿੱਚ ਸਹੂਲਤ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਹਲਕਾ ਡੇਰਾਬੱਸੀ ਦੇ ਹਰ ਖੇਤਰ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਉਨ੍ਹਾਂ ਦੇ ਯਤਨ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨ ਅਤੇ ਹੋਰ ਆਗੂ ਹਾਜ਼ਰ ਰਹੇ।