ਸੰਗਰੂਰ, 3 ਸਤੰਬਰ:- ਸੰਗਰੂਰ ਸ਼ਹਿਰ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕੁੱਲ 1.21 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਤਹਿਤ 76.04 ਲੱਖ ਰੁਪਏ ਦੀ ਲਾਗਤ ਨਾਲ ਉਭਾਵਾਲ ਰੋਡ ’ਤੇ ਪੈਟਰੋਲ ਪੰਪ ਦੇ ਸਾਹਮਣੇ ਤੋਂ ਯੂਨੀਅਨ ਬੈਂਕ ਤੱਕ ਅਤੇ ਉਭਾਵਾਲ ਫਾਟਕ ਤੋਂ ਟਿਊਬਵੈੱਲ ਤੱਕ ਦੀ ਸੜਕ ਦੇ ਪੁਨਰ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਗਿਆ। ਇਸ ਦੇ ਨਾਲ ਹੀ 45 ਲੱਖ ਰੁਪਏ ਦੀ ਲਾਗਤ ਨਾਲ ਹਰੇੜੀ ਰੋਡ ਦੇ ਪੁਨਰ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਗਰੂਰ ਸ਼ਹਿਰ ਵਿੱਚ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਪੁਨਰ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਮੁਕੰਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਚੇਅਰਮੈਨ ਅਤੇ ਐਮ.ਸੀ. ਸਾਹਿਬਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਦਾ ਧੰਨਵਾਦ ਕੀਤਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ 121 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
