ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 09 ਸਤੰਬਰ 2025: ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਅਨਾਜ ਮੰਡੀ ਤੋਂ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਹ ਰਾਹਤ ਆੜਤੀ ਐਸੋਸੀਏਸ਼ਨ, ਟਰੱਕ ਯੂਨੀਅਨ ਅਤੇ ਵੱਖ-ਵੱਖ ਪਾਰਟੀ ਅਹੁਦੇਦਾਰਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਗਈ ਸੀ।
ਸ. ਰੰਧਾਵਾ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਾਂ ਵਿੱਚ ਹੜ੍ਹਾਂ ਕਾਰਨ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪਿੰਡ ਦੇ ਬਹੁਤ ਸਾਰੇ ਪਰਿਵਾਰ ਆਪਣਾ ਘਰ, ਪਸ਼ੂ-ਪਾਲਣ ਅਤੇ ਰੋਜ਼ਮਰ੍ਹਾ ਦੀ ਵਰਤੋਂ ਵਾਲਾ ਸਮਾਨ ਹੜ੍ਹਾਂ ਦੀ ਭੇਟ ਚੜ੍ਹਾ ਬੈਠੇ ਹਨ। ਇਸ ਸੰਕਟ ਦੀ ਘੜੀ ਵਿੱਚ ਉਹਨਾਂ ਦੀ ਸਹਾਇਤਾ ਲਈ ਅੱਜ ਲਾਲੜੂ ਤੋਂ ਦੋ ਟਰੱਕ ਭੇਜੇ ਗਏ ਹਨ, ਜਿਨ੍ਹਾਂ ਵਿੱਚ ਇੱਕ ਟਰੱਕ ਪਸ਼ੂਆਂ ਲਈ ਫੀਡ ਤੇ ਦੂਜਾ ਚੋਕਰ ਨਾਲ ਭਰਿਆ ਗਿਆ ਹੈ।
ਵਿਧਾਇਕ ਨੇ ਕਿਹਾ ਕਿ ਹੜ੍ਹਾਂ ਨੇ ਸੂਬੇ ਦੇ ਕਈ ਇਲਾਕਿਆਂ ਵਿੱਚ ਵੱਡਾ ਨੁਕਸਾਨ ਕੀਤਾ ਹੈ। ਇਸ ਵੇਲੇ ਸਾਰੇ ਲੋਕਾਂ, ਸੰਸਥਾਵਾਂ ਅਤੇ ਸਰਕਾਰ ਨੂੰ ਇਕੱਠੇ ਮਿਲ ਕੇ ਕੰਮ ਕਰਨ ਦੀ ਲੋੜ ਹੈ ਤਾਂ ਜੋ ਹੜ੍ਹ ਪੀੜਤ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਮੁੜ ਸਧਾਰਨ ਜ਼ਿੰਦਗੀ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਆੜਤੀ ਐਸੋਸੀਏਸ਼ਨ, ਟਰੱਕ ਯੂਨੀਅਨ ਅਤੇ ਹੋਰ ਸਹਿਯੋਗੀ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਰਾਹਤ ਸਮੱਗਰੀ ਨੂੰ ਇਕੱਠਾ ਕਰਨ ਅਤੇ ਪਹੁੰਚਾਉਣ ਵਿੱਚ ਯੋਗਦਾਨ ਪਾਇਆ।
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਭਰਾਵਾਂ ਦੀ ਮਦਦ ਲਈ ਅੱਗੇ ਆਉਣ। ਸ. ਰੰਧਾਵਾ ਨੇ ਕਿਹਾ, "ਇਸ ਵੇਲੇ ਸਾਨੂੰ ਆਪਣੀ ਇਨਸਾਨੀਅਤ ਦਾ ਫਰਜ਼ ਨਿਭਾਉਣਾ ਹੈ ਤੇ ਅਸੀਂ ਇੱਕ-ਦੂਜੇ ਦਾ ਹੱਥ ਫੜਨਾ ਹੈ।"
ਰਾਹਤ ਸਮੱਗਰੀ ਦੀ ਰਵਾਨਗੀ ਦੌਰਾਨ ਕਈ ਸਮਾਜ ਸੇਵੀ, ਪਾਰਟੀ ਅਹੁਦੇਦਾਰ ਅਤੇ ਸਥਾਨਕ ਵਾਸੀ ਵੀ ਮੌਜੂਦ ਸਨ।