ਜ਼ੀਰਕਪੁਰ, 7 ਸਤੰਬਰ:- ਡੇਰਾਬੱਸੀ ਹਲਕੇ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਮੀਟਿੰਗ ਹਾਲ ਵਿਖੇ ਸ਼ਹਿਰ ਦੇ ਵਿਕਾਸ, ਬਿਜਲੀ ਸਪਲਾਈ, ਕਾਨੂੰਨ-ਵਿਵਸਥਾ ਅਤੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਹੱਲ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਇਨ੍ਹਾਂ ਮੀਟਿੰਗਾਂ ਦੌਰਾਨ ਤਹਿਸੀਲਦਾਰ ਸ. ਬੀਰਕਰਨ ਸਿੰਘ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਪ੍ਰਧਾਨ, ਐਮ.ਸੀ. ਸਾਹਿਬਾਨ, ਵਾਰਡ ਇੰਚਾਰਜਾਂ, ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਟਾਫ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਤੋਂ ਇਲਾਵਾ ਵਿਧਾਇਕ ਰੰਧਾਵਾ ਨੇ ਏ.ਐੱਸ.ਪੀ. ਜ਼ੀਰਕਪੁਰ ਸਮੇਤ ਸਬ-ਡਿਵੀਜ਼ਨ ਦੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ, ਟ੍ਰੈਫਿਕ ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਜ਼ੀਰਕਪੁਰ ਵਿੱਚ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ, ਬਿਜਲੀ ਦੇ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਬਿਜਲੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ।
ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਦੇ ਸਰਵਪੱਖੀ ਵਿਕਾਸ, ਲੋਕਾਂ ਦੀ ਸੁਰੱਖਿਆ, ਬਿਹਤਰ ਬੁਨਿਆਦੀ ਸਹੂਲਤਾਂ ਅਤੇ ਸੁਚਾਰੂ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨਾਲ ਤਾਲਮੇਲ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਾ ਉਨ੍ਹਾਂ ਦੀ ਪਹਿਲ ਹੈ।