ਬਲਾਚੌਰ, 15 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਨੇੜੇ ਤੀਰਥ ਯਾਤਰਾ ਦੀਆਂ ਦੋ ਬੱਸਾਂ ਵਿਚਾਲੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਦੀ ਖ਼ਬਰ ’ਤੇ ਹਲਕਾ ਬਲਾਚੌਰ ਦੀ ਵਿਧਾਇਕ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਬਿਆਨ ਵਿੱਚ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਅਤੇ ਮਨ ਨੂੰ ਝੰਜੋੜ ਦੇਣ ਵਾਲਾ ਹੈ। ਤੀਰਥ ਯਾਤਰਾ ’ਤੇ ਗਏ ਸ਼ਰਧਾਲੂਆਂ ਨਾਲ ਵਾਪਰੀ ਇਸ ਘਟਨਾ ਨੇ ਸਾਰਿਆਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਨ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦੀ ਤਾਕਤ ਦੇਵੇ।
ਵਿਧਾਇਕ ਕਟਾਰੀਆ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।
ਉਨ੍ਹਾਂ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਖੁਦ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਹਰ ਲੋੜੀਂਦੀ ਮਦਦ ਲਈ ਤਤਪਰ ਹਨ।
