ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ, ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨ ਦੇ ਮਕਸਦ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਕਾਸ ਲੜੀ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਦੇ ਪਿੰਡ ਮੋਜੋਵਾਲ ਵਿਖੇ 37.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਰਸਮੀ ਤੌਰ ’ਤੇ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਉਦਘਾਟਨੀ ਸਮਾਰੋਹ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬਲਾਚੌਰ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ 37.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਇਹ ਸਟੇਡੀਅਮ ਪਿੰਡ ਮੋਜੋਵਾਲ ਸਮੇਤ ਆਸ-ਪਾਸ ਦੇ ਇਲਾਕੇ ਦੇ ਨੌਜਵਾਨਾਂ ਲਈ ਇੱਕ ਵੱਡੀ ਸੌਗਾਤ ਹੈ।
ਅਸ਼ੋਕ ਕਟਾਰੀਆ ਨੇ ਆਪਣੇ ਸੰਬੋਧਨ ਵਿੱਚ ਅੱਗੇ ਕਿਹਾ, “ਸਾਡਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੀ ਰੁਚੀ ਵਧਾਉਣਾ ਹੈ। ਇਸ ਸਟੇਡੀਅਮ ਦੇ ਬਣਨ ਨਾਲ ਇਲਾਕੇ ਦੇ ਬੱਚਿਆਂ ਅਤੇ ਉੱਭਰਦੇ ਖਿਡਾਰੀਆਂ ਨੂੰ ਅਭਿਆਸ ਲਈ ਬਿਹਤਰ ਸਹੂਲਤਾਂ ਅਤੇ ਸੁਖਾਵਾਂ ਮਾਹੌਲ ਮਿਲੇਗਾ। ਇਸ ਨਾਲ ਉਹ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਪਿੰਡ, ਹਲਕੇ ਅਤੇ ਪੂਰੇ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕਰ ਸਕਣਗੇ।”
ਉਨ੍ਹਾਂ ਸਪਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕਰ ਰਹੀ ਹੈ, ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਆਪਣੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਇਲਾਕਾ ਨਿਵਾਸੀਆਂ ਨੂੰ ਨਵੇਂ ਖੇਡ ਸਟੇਡੀਅਮ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ-ਪੱਖੀ ਕਾਰਜ ਜਾਰੀ ਰਹਿਣਗੇ।
ਸਮਾਰੋਹ ਦੇ ਅੰਤ ਵਿੱਚ ਪਿੰਡ ਦੀ ਗ੍ਰਾਮ ਪੰਚਾਇਤ, ਸਥਾਨਕ ਮੋਹਤਬਰਾਂ, ਖੇਡ ਕਲੱਬਾਂ ਦੇ ਨੁਮਾਇੰਦਿਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ, ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਅਤੇ ਪੰਜਾਬ ਸਰਕਾਰ ਦਾ ਇਸ ਸ਼ਲਾਘਾਯੋਗ ਉਪਰਾਲੇ ਅਤੇ ਵੱਡੀ ਸੌਗਾਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
