ਚੰਡੀਗੜ੍ਹ, 27 ਮਈ:- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਆਈ.ਟੀ.ਆਈ. ਦੀਆਂ ਵਰਕਸ਼ਾਪਾਂ ਨੂੰ ਮਾਡਰਨ ਕਰਕੇ ਇੱਥੇ ਆਧੁਨਿਕ ਲੋੜਾਂ ਅਨੁਸਾਰ ਉਪਕਰਨ ਉਪਲਬਧ ਕਰਵਾਏ ਜਾਣ। ਸਾਰੇ ਵਿਦਿਆਰਥੀਆਂ ਨੂੰ ਰੁਜ਼ਗਾਰ ਯਕੀਨੀ ਬਣਾਉਣ ਲਈ ਆਈ.ਟੀ.ਆਈ. ਦੇ ਕੋਰਸ ਅਤੇ ਪੜ੍ਹਾਈ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਤਿਆਰ ਕੀਤਾ ਜਾਵੇ ਤਾਂ ਜੋ ਨੌਜੁਆਨਾਂ ਨੂੰ ਕੋਰਸ ਖ਼ਤਮ ਹੁੰਦੇ ਹੀ ਰੁਜ਼ਗਾਰ ਮਿਲ ਸਕੇ ਅਤੇ ਉਦਯੋਗਾਂ ਨੂੰ ਆਪਣੀ ਲੋੜ ਅਨੁਸਾਰ ਕੁਸ਼ਲ ਨੌਜੁਆਨ ਮਿਲ ਸਕਣ। ਇਸ ਦੇ ਨਾਲ ਹੀ ਸਵੈ-ਰੁਜ਼ਗਾਰ ਕਰਨ ਵਾਲੇ ਨੌਜਵਾਨਾ ਨੂੰ ਵੀ ਪ੍ਰੋਤਸਾਹਿਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਆਈਡੀਆਜ਼ ਨੂੰ ਸਟਾਰਟ-ਅੱਪ ਵਿੱਚ ਬਦਲਣ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਹਰਿਆਣਾ ਵਿਜ਼ਨ 2047 ਦੇ ਤਹਿਤ ਅੱਜ ਹਰਿਆਣਾ ਸਿਵਲ ਸਕੱਤਰੇਤ ਵਿੱਚ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੀ ਅਗਲੀ 5 ਸਾਲਾਂ ਦੀ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਦਿੱਤੇ। ਉਨ੍ਹਾਂ ਕਿਹਾ ਕਿ ਆਈ.ਟੀ.ਆਈ., ਪੌਲੀਟੈਕਨਿਕ ਅਤੇ ਵੋਕੇਸ਼ਨਲ ਸਿੱਖਿਆ ਦੇਣ ਵਾਲੇ ਸਾਰੇ ਸੰਸਥਾਨਾਂ ਦੇ ਅਧਿਆਪਕਾਂ ਦੀ ਵੀ ਸਮੇਂ-ਸਮੇਂ 'ਤੇ ਟ੍ਰੇਨਿੰਗ ਅਤੇ ਉਦਯੋਗਾਂ ਨਾਲ ਤਾਲਮੇਲ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਵਿਦਿਆਰਥੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਤਿਆਰ ਕਰ ਸਕਣ। ਸਰਕਾਰ ਵੀ ਨੌਜਵਾਨਾਂ ਨੂੰ ਨੌਕਰੀ ਦੇਣ ਵਾਲੇ ਉਦਯੋਗਾਂ ਨੂੰ ਪ੍ਰੋਤਸਾਹਨ ਰਕਮ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੇ ਨਾਲ ਉਦਯੋਗਾਂ ਦੀਆਂ ਲੋੜਾਂ ਵਿੱਚ ਬਦਲਾਅ ਆਏ ਹਨ ਪਰ ਆਈ.ਟੀ.ਆਈ. ਵਰਗੇ ਸਿਖਲਾਈ ਸੰਸਥਾਨ ਅਜੇ ਵੀ ਪੁਰਾਣੀ ਪੱਧਤੀ ਨਾਲ ਪੜ੍ਹਾਈ ਕਰਵਾ ਰਹੇ ਹਨ। ਇਸ ਕਾਰਨ ਉਦਯੋਗਾਂ ਨੂੰ ਕਾਰਜਕੁਸ਼ਲ ਨੌਜਵਾਨ ਨਹੀਂ ਮਿਲ ਰਹੇ ਹਨ ਅਤੇ ਕੋਰਸ ਕਰ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਪਾਉਂਦਾ ਹੈ। ਇਸ ਦੇ ਲਈ ਜ਼ਰੂਰੀ ਹੈ ਕਿ ਸਾਰੀਆਂ ਆਈ.ਟੀ.ਆਈ. ਵਿੱਚ ਕੋਰਸ ਅਤੇ ਵਰਕਸ਼ਾਪਾਂ ਨੂੰ ਪੂਰੀ ਤਰ੍ਹਾਂ ਉਦਯੋਗਾਂ ਦੀ ਮੰਗ ਅਨੁਸਾਰ ਅਤੇ ਮਾਡਰਨ ਕੀਤਾ ਜਾਵੇ। ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀ ਰਾਜੀਵ ਰੰਜਨ ਨੇ ਦੱਸਿਆ ਕਿ ਆਈ.ਟੀ.ਆਈ. ਦੀਆਂ ਵਰਕਸ਼ਾਪਾਂ ਨੂੰ ਮਾਡਰਨ ਕਰਨ ਦਾ ਸਰਵੇਖਣ ਕਰਵਾਇਆ ਜਾ ਰਿਹਾ ਹੈ। ਪਹਿਲੇ ਪੜਾਅ ਵਿੱਚ ਸਰਵੇਖਣ ਹੋ ਚੁੱਕੀਆਂ ਆਈ.ਟੀ.ਆਈਜ਼ ਲਈ 10 ਕਰੋੜ ਰੁਪਏ ਦੇ ਆਧੁਨਿਕ ਉਪਕਰਨਾਂ ਦੀ ਖਰੀਦ ਦੇ ਆਰਡਰ ਦੇ ਦਿੱਤੇ ਗਏ ਹਨ, ਜਲਦੀ ਹੀ ਇਹ ਉਪਕਰਨ ਆਈ.ਟੀ.ਆਈ. ਵਿੱਚ ਪਹੁੰਚ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਉਦਯੋਗਾਂ ਨਾਲ ਐਮ.ਓ.ਯੂ. ਸਾਈਨ ਕਰਕੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਸਿਖਲਾਈ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਨਾਉਣ। ਵਿਭਾਗ ਸਾਰੇ ਉਦਯੋਗਾਂ ਨਾਲ ਤਾਲਮੇਲ ਬਣਾ ਕੇ ਉਨ੍ਹਾਂ ਦੀਆਂ ਲੋੜਾਂ ਦਾ ਅਧਿਐਨ ਕਰੇ ਅਤੇ ਉਸੇ ਅਨੁਸਾਰ ਕੁਸ਼ਲ ਨੌਜਵਾਨ ਤਿਆਰ ਕਰੇ। ਉਨ੍ਹਾਂ ਕਿਹਾ ਕਿ ਅਗਲੀ ਤਿਮਾਹੀ ਵਿੱਚ ਹੋਣ ਵਾਲੀ ਬੈਠਕ ਵਿੱਚ ਵਿਭਾਗ ਉਨ੍ਹਾਂ ਨੂੰ ਇਹ ਵੇਰਵਾ ਪ੍ਰਦਾਨ ਕਰੇ ਕਿ ਕਿੰਨੇ ਉਦਯੋਗਾਂ ਨਾਲ ਸਮਝੌਤੇ ਕੀਤੇ ਗਏ ਹਨ।
ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਅਧਿਆਪਕਾਂ ਨੂੰ ਵੀ ਸਿਖਲਾਈ ਦਿਵਾਈ ਜਾਵੇ ਤਾਂ ਜੋ ਉਹ ਵੀ ਆਪਣੇ ਆਪ ਨੂੰ ਸਮੇਂ ਦੀ ਲੋੜ ਅਨੁਸਾਰ ਅਪਡੇਟ ਕਰ ਸਕਣ। ਆਈ.ਟੀ.ਆਈ. ਅਧਿਆਪਕਾਂ ਨੂੰ ਉਦਯੋਗਾਂ ਦੀਆਂ ਲੋੜਾਂ ਦਾ ਅਧਿਐਨ ਕਰਨ ਲਈ ਉਦਯੋਗਿਕ ਇਕਾਈਆਂ ਵਿੱਚ ਵੀ ਭੇਜਿਆ ਜਾਵੇ। ਇਸੇ ਤਰ੍ਹਾਂ ਸਮੇਂ-ਸਮੇਂ 'ਤੇ ਉਦਯੋਗਾਂ ਦੇ ਪ੍ਰਤੀਨਿਧੀ ਜਾਂ ਮਾਹਿਰਾਂ ਨੂੰ ਆਈ.ਟੀ.ਆਈ. ਵਿੱਚ ਬੁਲਾ ਕੇ ਵਿਦਿਆਰਥੀਆਂ ਲਈ ਮਾਰਗਦਰਸ਼ਨ ਪ੍ਰੋਗਰਾਮ ਕਰਵਾਏ ਜਾਣ। ਅਧਿਕਾਰੀਆਂ ਨੇ ਦੱਸਿਆ ਕਿ ਕੁਰੂਕਸ਼ੇਤਰ ਵਿੱਚ ਸੂਬਾ ਪੱਧਰੀ ਇੰਸਟਰਕਟਰ ਟ੍ਰੇਨਿੰਗ ਸੈਂਟਰ ਖੋਲ੍ਹਣ ਦਾ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਤਿਆਰ ਹੋਣ ਤੱਕ ਸੂਬੇ ਦੀ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਨਾਲ ਮਿਲ ਕੇ ਇਸੇ ਸਾਲ ਤੋਂ ਅਧਿਆਪਕਾਂ ਦੀ ਟ੍ਰੇਨਿੰਗ ਕਰਵਾਈ ਜਾਵੇ।
ਡਿਪਾਰਟਮੈਂਟ ਆਫ਼ ਫਿਊਚਰ ਦੀ ਪ੍ਰਧਾਨ ਸਕੱਤਰ ਅਮਨੀਤ ਪੀ ਕੁਮਾਰ ਨੇ ਦੱਸਿਆ ਕਿ ਵਿਦੇਸ਼ ਸਹਿਯੋਗ ਵਿਭਾਗ ਰਾਹੀਂ ਨੌਜਵਾਨਾਂ ਨੂੰ ਵਿਦੇਸ਼ ਵਿੱਚ ਰੁਜ਼ਗਾਰ ਉਪਲਬਧ ਕਰਵਾਉਣ ਲਈ ਸੂਬੇ ਵਿੱਚ 4 ਜ਼ਿਲ੍ਹਿਆਂ ਵਿੱਚ ਸਿਖਲਾਈ ਕੇਂਦਰ ਖੋਲ੍ਹੇ ਜਾਣਗੇ। ਦੋ ਜ਼ਿਲ੍ਹਿਆਂ, ਕਰਨਾਲ ਅਤੇ ਪੰਚਕੂਲਾ ਵਿੱਚ ਇਨ੍ਹਾਂ ਲਈ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾ ਚੁੱਕੀ ਹੈ, ਦੋ ਜ਼ਿਲ੍ਹਿਆਂ ਦੀ ਚੋਣ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਹ ਕੇਂਦਰ ਸ਼ੁਰੂ ਹੋਣ ਤੋਂ ਬਾਅਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਤਿਆਰ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਲਗਭਗ 80 ਹਜ਼ਾਰ ਟਰੱਕ ਡਰਾਈਵਰਾਂ ਦੀ ਲੋੜ ਹੈ। ਇਹ ਲੋੜ ਪੂਰੀ ਕਰਨ ਲਈ ਵਿਭਾਗ ਵੱਲੋਂ ਅਸ਼ੋਕ ਲੇਲੈਂਡ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਜਿੱਥੇ ਬੱਚਿਆਂ ਨੂੰ ਸਿਖਲਾਈ ਦਿਵਾ ਕੇ ਵਿਦੇਸ਼ ਵਿੱਚ ਰੁਜ਼ਗਾਰ ਉਪਲਬਧ ਕਰਵਾਇਆ ਜਾ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਉਪਲਬਧ ਕਰਵਾਉਣ ਲਈ ਵੱਧ ਤੋਂ ਵੱਧ ਰੁਜ਼ਗਾਰ ਮੇਲੇ ਲਗਵਾਏ ਜਾਣ। ਮੁੱਖ ਮੰਤਰੀ ਨੇ ਪਿਛਲੇ ਸਾਲ ਆਯੋਜਿਤ ਕੀਤੇ ਗਏ ਰੁਜ਼ਗਾਰ ਮੇਲਿਆਂ ਦੀ ਗਿਣਤੀ ਅਤੇ ਇਨ੍ਹਾਂ ਰਾਹੀਂ ਰੁਜ਼ਗਾਰ ਪ੍ਰਾਪਤ ਨੌਜਵਾਨਾਂ ਦੀ ਗਿਣਤੀ ਦੀ ਜਾਣਕਾਰੀ ਮੰਗਦੇ ਹੋਏ ਕਿਹਾ ਕਿ ਪਲੇਸਮੈਂਟ ਅਤੇ ਆਫਰ ਲੈਟਰ ਮਿਲਣ ਵਾਲੇ ਨੌਜਵਾਨਾਂ ਦੀ ਟ੍ਰੈਕਿੰਗ ਕਰਵਾਈ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਉਸ ਨੂੰ ਸਥਾਈ ਰੁਜ਼ਗਾਰ ਮਿਲਿਆ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਰੁਜ਼ਗਾਰ ਅਧਿਕਾਰੀਆਂ ਨੂੰ ਵੀ ਉਦਯੋਗਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਲੋੜਾਂ ਦੀ ਜਾਣਕਾਰੀ ਲੈਂਦੇ ਰਹਿਣਾ ਚਾਹੀਦਾ ਹੈ ਅਤੇ ਉਸੇ ਅਨੁਸਾਰ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨਾ ਚਾਹੀਦਾ ਹੈ।
ਇਸ ਮੌਕੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ਼੍ਰੀ ਅਰੁਣ ਕੁਮਾਰ ਗੁਪਤਾ, ਮੁੱਖ ਮੰਤਰੀ ਦੇ ਓ.ਐਸ.ਡੀ. ਅਤੇ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਮਹਾਨਿਦੇਸ਼ਕ ਡਾ. ਰਾਜ ਨਹਿਰੂ ਅਤੇ ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ਼੍ਰੀ ਯਸ਼ਪਾਲ ਯਾਦਵ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।