ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ:- ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਪਾਕਿਸਤਾਨ ਅਧਾਰਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨਾਲ ਜੁੜੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ, 100 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ। ਇਹ ਕਾਰਵਾਈ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸ ਕਾਰਵਾਈ ਦੀ ਨਿਗਰਾਨੀ ਸ੍ਰੀ ਸੌਰਵ ਜਿੰਦਲ, ਪੀ.ਪੀ.ਐਸ. ਕਪਤਾਨ ਪੁਲਿਸ (ਇਨਵੈਸਟੀਗੇਸ਼ਨ), ਸ੍ਰੀ ਅਕਾਸ਼ਦੀਪ ਸਿੰਘ, ਪੀ.ਪੀ.ਐਸ. ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ੍ਰੀ ਰਾਜਨ ਪਰਮਿੰਦਰ ਸਿੰਘ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਵੱਲੋਂ ਕੀਤੀ ਗਈ। ਸੀ.ਆਈ.ਏ. ਸਟਾਫ਼ ਖਰੜ ਦੀ ਟੀਮ ਦੀ ਅਗਵਾਈ ਇੰਸਪੈਕਟਰ ਪਰਦੀਪ ਸਿੰਘ ਬਾਜਵਾ, ਇੰਚਾਰਜ ਸੀ.ਆਈ.ਏ. ਸਟਾਫ਼ ਖਰੜ ਨੇ ਕੀਤੀ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ 7 ਨਵੰਬਰ 2026 ਨੂੰ ਸੀ.ਆਈ.ਏ. ਸਟਾਫ਼ ਮੋਹਾਲੀ ਦੀ ਟੀਮ ਖਰੜ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਟੀਮ ਨੂੰ ਇਤਲਾਹ ਮਿਲੀ ਕਿ ਸੁਖਚੈਨ ਸਿੰਘ ਉਰਫ਼ ਸੁੱਖੀ, ਮਨਪ੍ਰੀਤ ਸਿੰਘ, ਸੁਨੀਲ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਮ ਦੇ ਚਾਰ ਵਿਅਕਤੀ, ਜੋ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ, ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਦਾ ਧੰਦਾ ਕਰਦੇ ਹਨ। ਇਹ ਚਾਰੇ ਮੁਲਜ਼ਮ ਕਰੇਟਾ ਕਾਰ ਵਿੱਚ ਸਵਾਰ ਹੋ ਕੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕਰਦੇ ਸਨ। ਇਤਲਾਹ ਦੇ ਆਧਾਰ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ, ਪੰਜ ਨਾਜਾਇਜ਼ ਪਿਸਤੌਲ ਅਤੇ ਡਰੱਗ ਮਨੀ ਬਰਾਮਦ ਕੀਤੀ। ਇਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਨੰਬਰ 388, ਮਿਤੀ 07-11-2026, ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 61 ਅਤੇ 85 ਅਤੇ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਪੀ.ਆਈ.ਓਜ਼ (Pakistan Based PIOs) ਦੇ ਸੰਪਰਕ ਵਿੱਚ ਸਨ। ਇਹ ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਭੇਜੀ ਗਈ ਹੈਰੋਇਨ ਨੂੰ ਨਿਰਧਾਰਤ ਥਾਵਾਂ ਤੋਂ ਪ੍ਰਾਪਤ ਕਰਦੇ ਸਨ ਅਤੇ ਵੱਧ ਮੁਨਾਫ਼ਾ ਕਮਾਉਣ ਦੇ ਮਕਸਦ ਨਾਲ ਇਸ ਦੀ ਸਪਲਾਈ ਮੋਹਾਲੀ, ਚੰਡੀਗੜ੍ਹ ਸਮੇਤ ਟ੍ਰਾਈਸਿਟੀ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕਰਕੇ ਅਗਲੀ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਵੇਰਵਾ:
1. ਮਨਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ, ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ, ਉਮਰ 23 ਸਾਲ (ਗ੍ਰਿਫ਼ਤਾਰੀ ਦੀ ਮਿਤੀ 07-11-2026)।
2. ਸੁਨੀਲ ਉਰਫ਼ ਸੰਨੀ ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਕਮਾਲਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਉਮਰ 26 ਸਾਲ (ਗ੍ਰਿਫ਼ਤਾਰੀ ਦੀ ਮਿਤੀ 07-11-2026)।
3. ਗੁਰਪ੍ਰੀਤ ਸਿੰਘ ਉਰਫ਼ ਗੁਰੀ ਪੁੱਤਰ ਮੰਗਲ ਸਿੰਘ, ਵਾਸੀ ਪਿੰਡ ਇਸਾ ਪੰਜ ਗਰਾਈਂ, ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ, ਉਮਰ 24 ਸਾਲ (ਗ੍ਰਿਫ਼ਤਾਰੀ ਦੀ ਮਿਤੀ 07-11-2026)।
4. ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਜਗਦੀਸ਼ ਸਿੰਘ, ਵਾਸੀ ਗੱਦੂ ਖਿਲਚਾ, ਜ਼ਿਲ੍ਹਾ ਫਿਰੋਜ਼ਪੁਰ, ਉਮਰ 23 ਸਾਲ (ਗ੍ਰਿਫ਼ਤਾਰੀ ਦੀ ਮਿਤੀ 07-11-2026)।
ਗ੍ਰਿਫ਼ਤਾਰ ਕੀਤੇ ਗਏ ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।
ਬਰਾਮਦਗੀ ਦਾ ਵੇਰਵਾ:
- ਜ਼ਿਗਾਨਾ 30 ਬੋਰ ਪਿਸਤੌਲ – 1
- 32 ਬੋਰ ਪਿਸਤੌਲ – 2
- 315 ਬੋਰ ਪਿਸਤੌਲ – 2
- ਹੈਰੋਇਨ – 100 ਗ੍ਰਾਮ
- ਡਰੱਗ ਮਨੀ – 1 ਲੱਖ ਰੁਪਏ
- ਕਰੇਟਾ ਕਾਰ – 1
